ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਸਤੰਬਰ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਰਾਖਵਾਂਕਰਨ ਖਤਮ ਕਰਨ ਸਬੰਧੀ ਅਮਰੀਕਾ ਵਿੱਚ ਕੀਤੀ ਟਿੱਪਣੀ ਤੋਂ ਬਾਅਦ ਭਾਜਪਾ ਨੇ ਅੱਜ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤਾ। ਇਸੇ ਲੜੀ ਤਹਿਤ ਪੰਜਾਬ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਵੱਲੋਂ ਚੰਡੀਗੜ੍ਹ ਦੇ ਸੈਕਟਰ-37 ਵਿੱਚ ਸਥਿਤ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ। ਭਾਜਪਾ ਦੇ ਸੀਨੀਅਰ ਆਗੂ ਤੇ ਸ਼ਿਮਲਾ ਤੋਂ ਸੰਸਦ ਮੈਂਬਰ ਸੁਰੇਸ਼ ਕਸ਼ਯਪ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਰਾਖਵੇਂਕਰਨ ਖ਼ਿਲਾਫ਼ ਟਿੱਪਣੀ ਕਰਕੇ ਆਪਣੀ ਸੌੜੀ ਮਾਨਸਿਕਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਹਿੰਦੁਸਤਾਨ ਦੇ ਅਕਸ ਨੂੰ ਵਿਸ਼ਵ ਪੱਧਰ ’ਤੇ ਢਾਹ ਲਾਈ ਹੈ। ਰਾਹੁਲ ਗਾਂਧੀ ਤੋਂ ਪਹਿਲਾਂ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਨੇ ਸਮੇਂ-ਸਮੇਂ ’ਤੇ ਰਾਖਵੇਂਕਰਨ ਖ਼ਿਲਾਫ਼ ਸਟੈਂਡ ਲਏ ਸਨ। ਪੰਜਾਬ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਜਨਰਲ ਸਕੱਤਰ ਹਰਦੀਪ ਸਿੰਘ ਗਿੱਲ ਨੇ ਰਾਖਵੇਂਕਰਨ ਨੂੰ ਖਤਮ ਕਰਨ ਦੀ ਨਿਖੇਧੀ ਕੀਤੀ।
ਸ੍ਰੀ ਗਿੱਲ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਟਿੱਪਣੀ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।