ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 13 ਅਗਸਤ
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਅੱਜ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਐੱਸਜੀਪੀਸੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ ਦੀ ਅਗਵਾਈ ਹੇਠ ਮੁਹਾਲੀ ਦੇ ਡੀਸੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਪਿੰਡ ਕਲਿਆਣ (ਪਟਿਆਲਾ) ਦੇ ਗੁਰਦੁਆਰਾ ਸਾਹਿਬ ’ਚੋਂ ਭੇਤਭਰੀ ਹਾਲਤ ਵਿੱਚ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਬਹਬਿਲ ਕਲਾਂ ਅਤੇ ਬਰਗਾੜੀ ਵਿੱਚ ਵਾਪਰੀਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਤੁਰੰਤ ਜੇਲ੍ਹਾਂ ਵਿੱਚ ਡੱਕਿਆਂ ਜਾਵੇ। ਨਾਲ ਹੀ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ’ਚੋਂ ਗੁੰਮ ਹੋਏ 267 ਪਵਿੱਤਰ ਸਰੂਪਾਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਅਪੀਲ ਕੀਤੀ।
ਡੀਸੀ ਦਫ਼ਤਰ ਵਿੱਚ ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬੱਬੀ ਬਾਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਆਪਣੇ ਚਹੇਤਿਆਂ ਨੂੰ ਬਚਾਉਣ ਲਈ ਹਰ ਹੀਲਾ ਵਰਤ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਸਮੇਤ ਪਿੰਡ ਕਲਿਆਣਾ, ਬਹਬਿਲ ਕਲਾਂ ਅਤੇ ਬਰਗਾੜੀ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਜੇਲ੍ਹਾਂ ਵਿੱਚ ਨਹੀਂ ਡੱਕਿਆ ਤਾਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਮੁੱਖ ਬੁਲਾਰੇ ਜਗਤਾਰ ਸਿੰਘ ਘੜੂੰਆਂ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ, ਸਰਕਲ ਪ੍ਰਧਾਨ ਇਕਬਾਲ ਸਿੰਘ, ਰਣਧੀਰ ਸਿੰਘ ਸਰਕਲ ਪ੍ਰਧਾਨ ਸੋਹਾਣਾ, ਬਲਬੀਰ ਸਿੰਘ ਝਾਮਪੁਰ ਸਰਕਲ ਪ੍ਰਧਾਨ ਬਲੌਂਗੀ, ਸੁਰਿੰਦਰ ਸਿੰਘ ਸਾਬਕਾ ਸਰਪੰਚ ਕੰਡਾਲਾ, ਹਰਜੀਤ ਸਿੰਘ, ਜਵਾਲਾ ਸਿੰਘ ਖਾਲਸਾ, ਬਲਬੀਰ ਸਿੰਘ ਖਾਲਸਾ, ਰਮਨਦੀਪ ਸਿੰਘ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।