ਸ਼ਹੀਦ ਮਹਿੰਦਰ ਕੌਰ ਦੀਆਂ ਅਸਥੀਆਂ ਜਲ-ਪ੍ਰਵਾਹ ਲਈ ਰਵਾਨਾ
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਈ ਮਹਿੰਦਰ ਕੌਰ ਡੇਹਲੋਂ ਦੀਆਂ ਅਸਥੀਆਂ ਜਲ-ਪ੍ਰਵਾਹ ਲਈ ਅੱਜ ਪੱਕੇ ਮੋਰਚੇ ਤੋਂ ਸ਼ਰਧਾਂਜਲੀ ਭੇਟ ਕਰਨ ਉਪਰੰਤ ਰਵਾਨਾ ਕੀਤੀਆਂ ਗਈਆਂ। ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ, ਅਮਰੀਕ ਸਿੰਘ ਜੜਤੌਲੀ ਅਤੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਕਿਹਾ ਕਿ ਬੀਬੀ ਮਹਿੰਦਰ ਕੌਰ ਦੀ ਸ਼ਹਾਦਤ ਮੋਦੀ ਹਕੂਮਤ ਦੀ ਅਰਥੀ ਵਿਚ ਕਿੱਲ ਸਾਬਤ ਹੋਵੇਗੀ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਹਕੂਮਤ ਪਿਛਲੇ ਇਕ ਸਾਲ ਤੋਂ ਅੰਦੋਲਨਕਾਰੀਆਂ ਦੀ ਜਾਨ ਨਾਲ ਖਿਲਵਾੜ ਕਰ ਰਹੀ ਹੈ। ਸ਼ਹੀਦ ਬੀਬੀ ਦੇ ਪੁੱਤਰ ਲਖਵਿੰਦਰ ਸਿੰਘ ਅਤੇ ਅਵਤਾਰ ਸਿੰਘ ਜ਼ੋਰਦਾਰ ਨਾਅਰਿਆਂ ਦੀ ਗੂੰਜ ਵਿਚ ਅਸਥੀਆਂ ਲੈ ਕੇ ਰਵਾਨਾ ਹੋਏ। ਜਨਵਾਦੀ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ, ਜਮਹੂਰੀ ਕਿਸਾਨ ਸਭਾ ਦੇ ਆਗੂ ਦਵਿੰਦਰ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਧਰਮਿੰਦਰ ਸਿੰਘ ਆਦਿ ਆਗੂਆਂ ਨੇ ਬੀਬੀ ਮਹਿੰਦਰ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਮੋਰਚੇ ਦੀ ਜਿੱਤ ਤੱਕ ਹਰ ਕੁਰਬਾਨੀ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
ਕੈਪਸ਼ਨ: ਬੀਬੀ ਮਹਿੰਦਰ ਕੌਰ ਦੀਆਂ ਅਸਥੀਆਂ ਰਵਾਨਾ ਕਰਦੇ ਹੋਏ ਅੰਦੋਲਨਕਾਰੀ। -ਫੋਟੋ: ਗਿੱਲ