ਚਰਨਜੀਤ ਸਿੰਘ ਚੰਨੀ
ਮੁੱਲਾਂਪੁਰ ਗਰੀਬਦਾਸ, 27 ਮਈ
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਨਵਾਂ ਗਾਉਂ ਵਿੱਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਕਿਹਾ ਕਿ ਭਾਜਪਾ ਨੇ ਸ੍ਰੀ ਰਾਮ ਮੰਦਰ ਲਈ ਕਰੀਬ 30 ਸਾਲਾਂ ਤੱਕ ਸੰਘਰਸ਼ ਕੀਤਾ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਲੱਲਾ ਨੂੰ ਤੰਬੂ ਵਿੱਚੋਂ ਬਾਹਰ ਕੱਢਿਆ ਅਤੇ ਰਾਮ ਲੱਲਾ ਦਾ ਵਿਸ਼ਾਲ ਮੰਦਰ ਬਣਾ ਕੇ ਆਪਣਾ ਵਾਅਦਾ ਪੂਰਾ ਕੀਤਾ ਹੈ। ਸ੍ਰੀ ਧਾਮੀ ਨੇ ਕਾਂਗਰਸ ਅਤੇ ਗਾਂਧੀ ਪਰਿਵਾਰ ਉੱਤੇ ਵੱਡਾ ਹਮਲਾ ਕਰਨ ਵੇਲੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਬੇਨਕਾਬ ਹੋ ਗਿਆ ਹੈ ਕਿ ਕਾਂਗਰਸ ਤੇ ਗਾਂਧੀ ਪਰਿਵਾਰ ਸ੍ਰੀ ਰਾਮ ਮੰਦਰ ਦੇ ਖ਼ਿਲਾਫ਼ ਸਨ, ਜਿਸ ਨੇ ਵੋਟ ਬੈਂਕ ਲਈ ਸ੍ਰੀ ਰਾਮ ਮੰਦਰ ਨੂੰ ਇੱਕ ਹਥਿਆਰ ਵਜੋਂ ਵਰਤਿਆ ਸੀ। ਸ੍ਰੀ ਧਾਮੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਝੂਠ ਦੀਆਂ ਪੰਡਾਂ ਬੰਨੀ ਫਿਰਦੀ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ।
ਭਾਜਪਾ ਨੇ ਦੇਸ਼ ਨੂੰ ਨਵੀਆਂ ਉਚਾਈਆਂ ’ਤੇ ਪਹੁੰਚਾਇਆ: ਸੁਭਾਸ਼ ਸ਼ਰਮਾ
ਲੋਕ ਸਭਾ ਹਲਕਾ ਸ੍ਰੀ ਆਨੰਦੁਪਰ ਸਾਹਿਬ ਤੋਂ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੁੱਲਾਂਪੁਰ ਗਰੀਬਦਾਸ ਤੇ ਨਵਾਂ ਗਾਉਂ ਵਿੱਚ ਚੋਣ ਮੀਟਿੰਗਾਂ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਸਰਕਾਰ ਦੇ ਕਰੀਬ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਨੂੰ ਨਵੀਂਆ ਉਚਾਈਆਂ ’ਤੇ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਗੁਆਚੀ ਹੋਈ ਸ਼ਾਨ ਨੂੰ ਸਿਰਫ ਨਰਿੰਦਰ ਮੋਦੀ ਹੀ ਬਹਾਲ ਕਰ ਸਕਦੇ ਹਨ ਜਦਕਿ ਪੰਜਾਬ ਵਿੱਚ ਕਾਂਗਰਸ ਅਤੇ ਅਕਾਲੀਆਂ ਨੇ ਲੰਮਾ ਸਮਾਂ ਰਾਜ ਕਰਦਿਆ ਪੰਜਾਬ ਨੂੰ ਲੁੱਟਿਆ ਹੀ ਹੈ।