ਕਰਮਜੀਤ ਸਿੰਘ ਚਿੱਲਾ
ਬਨੂੜ, 17 ਸਤੰਬਰ
ਏਡੀਜੀਪੀ ਗੁਰਪ੍ਰੀਤ ਦਿਓ ਅਤੇ ਜ਼ਿਲ੍ਹਾ ਪੁਲੀਸ ਮੁਖੀ ਪਟਿਆਲਾ ਦੀਪਕ ਪਾਰੀਕ ਦੀ ਨਿਗਰਾਨੀ ਹੇਠ ਸੈਂਕੜੇ ਪੁਲੀਸ ਮੁਲਾਜ਼ਮਾਂ ਨੇ ਅੱਜ ਇੱਥੋਂ ਦੇ ਹਾਊਸਫੈੱਡ ਕੰਪਲੈਕਸ ਵਿੱਚ ਚਾਰ ਘੰਟੇ ਤਲਾਸ਼ੀ ਮੁਹਿੰਮ ਚਲਾਈ। ਸਵੇਰੇ ਸਾਢੇ ਗਿਆਰਾਂ ਵਜੇ ਤੋਂ ਤਿੰਨ ਵਜੇ ਤੱਕ ਚੱਲੀ ਇਸ ਤਲਾਸ਼ੀ ਮੁਹਿੰਮ ਵਿੱਚ ਪੁਲੀਸ ਨੂੰ ਕੋਈ ਵੀ ਗੈਰਕਾਨੂੰਨੀ ਵਸਤੂ ਨਹੀਂ ਮਿਲੀ। ਪੁਲੀਸ ਨੇ ਪੰਜਾਬ ਭਰ ਵਿੱਚ ਨਸ਼ਿਆਂ ਅਤੇ ਗੈਂਗਸ਼ਟਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਮੱਦੇਨਜ਼ਰ ਇਹ ਸਰਚ ਅਪਰੇਸ਼ਨ ਚਲਾਇਆ।
ਪੁਲੀਸ ਨੇ ਆਉਂਦਿਆਂ ਹੀ ਹਾਊਸਫ਼ੈੱਡ ਕੰਪਲੈਕਸ ਦਾ ਮੁੱਖ ਗੇਟ ਬੰਦ ਕਰ ਦਿੱਤਾ। ਸਭ ਤੋਂ ਪਹਿਲਾਂ ਸੁਰੱਖਿਆ ਅਮਲੇ ਨੇ ਪਾਰਕਿੰਗ ਵਿੱਚ ਖੜ੍ਹੀਆਂ ਗੱਡੀਆਂ ਦੀ ਤਲਾਸ਼ੀ ਲਈ। ਇਸ ਮਗਰੋਂ ਸਮੁੱਚੇ ਫਲੈਟਾਂ ਦੀ ਤਲਾਸ਼ੀ ਲਈ ਗਈ। ਪੁਲੀਸ ਵੱਲੋਂ ਇੱਥੇ ਰਹਿੰਦੇ ਕਿਰਾਏਦਾਰਾਂ ਦੇ ਸ਼ਨਾਖਤੀ ਕਾਰਡ ਵੀ ਚੈੱਕ ਕੀਤੇ ਗਏ ਅਤੇ ਉਨ੍ਹਾਂ ਦੇ ਕਮਰਿਆਂ ਵਿਚਲੇ ਬੈਗਾਂ ਅਤੇ ਹੋਰ ਸਾਮਾਨ ਦੀ ਤਲਾਸ਼ੀ ਵੀ ਲਈ। ਥਾਣਾ ਬਨੂੜ ਦੇ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਨੇ ਹਾਊਸਫੈੱਡ ਕੰਪਲੈਕਸ ਵਿੱਚੋਂ ਕੋਈ ਵੀ ਇਤਰਾਜ਼ਯੋਗ ਸਮੱਗਰੀ ਜਾਂ ਸ਼ੱਕੀ ਵਿਅਕਤੀ ਨਾ ਮਿਲਣ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਫ਼ਲੈਟਾਂ ਵਿੱਚ ਰਹਿੰਦੇ ਕਿਰਾਏਦਾਰਾਂ ਦੀ ਪੁਲੀਸ ਵੈਰੀਫ਼ਿਕੇਸ਼ਨ ਕਰਾਉਣ ਲਈ ਮਕਾਨ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇੱਕ ਹਫ਼ਤੇ ਵਿੱਚ ਵੈਰੀਫ਼ਿਕੇਸ਼ਨ ਨਾ ਕਰਾਉਣ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਹਾਊਸਫੈੱਡ ਕੰਪਲੈਕਸ ਦਾ ਕੰਮ ਕਾਰ ਚਲਾ ਰਹੀ ਸੁਸਾਇਟੀ ਦੇ ਪ੍ਰਧਾਨ ਮਾਸਟਰ ਕੌਰ ਸਿੰਘ ਨੇ ਪੰਜਾਬ ਪੁਲੀਸ ਵੱਲੋਂ ਕੰਪਲੈਕਸ ਵਿੱਚ ਤਲਾਸ਼ੀ ਮੁਹਿੰਮ ਚਲਾਉਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਪੁਲੀਸ ਨੂੰ ਪੂਰਾ ਸਹਿਯੋਗ ਦੇਵੇਗੀ।
ਪੁਲੀਸ ਨੇ ਮਹਿਮਦਪੁਰ ’ਚ ਤਲਾਸ਼ੀ ਮੁਹਿੰਮ ਚਲਾਈ
ਫ਼ਤਹਿਗੜ੍ਹ ਸਾਹਿਬ/ ਬਸੀ ਪਠਾਨਾ (ਡਾ. ਹਿਮਾਂਸੂ ਸੂਦ/ਅਜੈ ਮਲਹੋਤਰਾ): ਪੰਜਾਬ ਪੁਲੀਸ ਨੇ ਐਡੀਸ਼ਨਲ ਡਾਇਰੈਕਟਰ ਜਨਰਲ ਪੁਲੀਸ ਅਰਪਿਤ ਸ਼ੁਕਲਾ ਦੀ ਅਗਵਾਈ ਹੇਠ ਅੱਜ ਇਸ ਜ਼ਿਲ੍ਹੇ ਦੇ ਪਿੰਡ ਮਹਿਮਦਪੁਰ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਢੇਹਾ ਕਲੋਨੀ ’ਚ ਸ਼ੱਕ ਦੇ ਆਧਾਰ ’ਤੇ ਕਈ ਘਰਾਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਹੈਦਰ ਵਾਸੀ ਡਿਫੈਂਸ ਬੰਨ੍ਹ ਸਰਹਿੰਦ ਮੰਡੀ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਥਾਣਾ ਫ਼ਤਹਿਗੜ੍ਹ ਸਾਹਿਬ ’ਚ ਉਸ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਇਸੇ ਤਰ੍ਹਾਂ ਥਾਣਾ ਬਸੀ ਪਠਾਨਾ ਦੇ ਪਿੰਡ ਮਹਿਮਦਪੁਰ ਵਿੱਚ ਚੈਕਿੰਗ ਦੌਰਾਨ ਗੁਰਨਾਮ ਸਿੰਘ ਵਾਸੀ ਫ਼ਤਹਿਗੜ੍ਹ ਸਾਹਿਬ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਏਡੀਜੀਪੀ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਮੰਤਵ ਲਈ ਪੰਜਾਬ ਭਰ ’ਚ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਜਾਇਆ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਨੂੰ ਜੜੋਂ ਖ਼ਤਮ ਕੀਤਾ ਜਾ ਸਕੇ। ਵਧ ਰਹੇ ਗੈਂਗਵਾਰ ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਮਹੀਨੇ ਦੌਰਾਨ ਪੰਜਾਬ ਪੁਲੀਸ ਨੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਇਸ ਮੌਕੇ ਰੂਪਨਗਰ ਰੇਂਜ ਦੇ ਆਈ.ਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਡੀ.ਐਸ.ਪੀ ਫ਼ਤਹਿਗੜ੍ਹ ਸਾਹਿਬ ਸੁਖਬੀਰ ਸਿੰਘ ਆਦਿ ਹਾਜ਼ਰ ਸਨ।