ਪੱਤਰ ਪ੍ਰੇਰਕ
ਚੰਡੀਗੜ੍ਹ, 4 ਫ਼ਰਵਰੀ
ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਦੇ ਸੋਸ਼ਲ ਵੈੱਲਫ਼ੇਅਰ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨਾਂ ਲਈ ਮੁਫ਼ਤ ਹੈਲਪਲਾਈਨ ਨੰਬਰ ‘14567’ ਸ਼ੁਰੂ ਕੀਤਾ ਗਿਆ ਹੈ। ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ। ਇਸ ਹੈਲਪਲਾਈਨ ਨੰਬਰ (ਐਲਡਰ ਲਾਈਨ) ਦੀ ਸ਼ੁਰੂਆਤ ਅੱਜ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਆਈ.ਏ.ਐਸ. ਵੱਲੋਂ ਸੈਕਟਰ 19-ਬੀ ਚੰਡੀਗੜ੍ਹ ਵਿਖੇ ਕੀਤੀ ਗਈ।
ਇਹ ਫੋਨ ਲਾਈਨ ਰੋਜ਼ਾਨਾ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 8 ਵਜੇ ਤੱਕ ਸੇਵਾਵਾਂ ਜਾਰੀ ਰਹਿਣਗੀਆਂ। ਇਸ ਦੇ ਲਈ ਪ੍ਰਸ਼ਾਸਨ ਵੱਲੋਂ ਸੱਤ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਲਾਈਨ ਉਤੇ ਚੰਡੀਗੜ੍ਹ ਦੇ ਵਸਨੀਕ ਬਜ਼ੁਰਗ ਵਿਅਕਤੀ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਦੀਆਂ ਸਰਕਾਰੀ ਸਕੀਮਾਂ ਸਬੰਧੀ ਜਾਂ ਬਜ਼ੁਰਗਾਂ ਦੀ ਭਲਾਈ ਲਈ ਹੋਰ ਸਕੀਮਾਂ ਬਾਰੇ ਕੋਈ ਵੀ ਸ਼ਿਕਾਇਤ ਕਰ ਸਕਣਗੇ ਜਾਂ ਜਾਣਕਾਰੀ ਹਾਸਲ ਕਰ ਸਕਣਗੇ। ਇਸ ਤੋਂ ਇਲਾਵਾ ਇਹ ਵਿਭਾਗ ਬਜ਼ੁਰਗਾਂ ਨਾਲ ਦੁਰਵਿਹਾਰ ਦੇ ਮਾਮਲਿਆਂ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਤੇ ਜਾਂ ਕਿਸੇ ਕਾਨੂੰਨੀ ਮੁੱਦਿਆਂ ਦੇ ਨਾਲ-ਨਾਲ ਬਜ਼ੁਰਗਾਂ ਦੀ ਸਾਂਭ-ਸੰਭਾਲ ਨਾਲ ਸਬੰਧਿਤ ਸਹੂਲਤਾਂ ਪ੍ਰਦਾਨ ਕਰੇਗਾ।