ਆਤਿਸ਼ ਗੁਪਤਾ
ਚੰਡੀਗੜ੍ਹ, 16 ਜਨਵਰੀ
ਚੰਡੀਗੜ੍ਹ ਦੇ ਨਾਲ ਲੱਗਦੀਆਂ ਹਿਮਾਚਲ ਪ੍ਰਦੇਸ਼ ਦੀਆਂ ਵਾਦੀਆਂ ਵਿੱਚ ਕੁਝ ਦਿਨ ਪਹਿਲਾਂ ਪਈ ਬਰਫ਼ਬਾਰੀ ਦਾ ਅਸਰ ਸ਼ਹਿਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਠੰਢ ਇੰਨੀ ਵਧ ਗਈ ਹੈ ਕਿ ਚੰਡੀਗੜ੍ਹ ਅੱਜ ਸ਼ਿਮਲਾ ਨਾਲੋਂ ਵੀ ਵੱਧ ਠੰਢਾ ਰਿਹਾ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਜੋ ਕਿ ਆਮ ਨਾਲੋਂ 10 ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਭਾਗ ਮੁਤਾਬਕ ਅੱਜ ਦਾ ਦਿਨ ਇਸ ਮੌਸਮ ਦਾ ਸਭ ਤੋਂ ਠੰਢਾ ਦਿਨ ਰਿਹਾ ਜਦੋਂ ਕਿ ਅਗਲੇ ਦੋ ਦਿਨ ਭਾਰੀ ਠੰਢ ਪੈਣ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਗਲੇ ਹਫ਼ਤੇ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਗਈ।
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਕੁਫ਼ਰੀ, ਕੁੱਲੂ-ਮਨਾਲੀ ਅਤੇ ਹੋਰਨਾਂ ਇਲਾਕਿਆਂ ਵਿੱਚ ਪਈ ਭਾਰੀ ਬਰਫ਼ਬਾਰੀ ਕਰਕੇ ਚੰਡੀਗੜ੍ਹ ਵਿੱਚ ਕੁਝ ਦਿਨਾਂ ਤੋਂ ਠੰਢ ਵਧ ਗਈ ਹੈ। ਹਿਮਾਚਲ ਪ੍ਰਦੇਸ਼ ਦੀਆਂ ਸੀਤ ਹਵਾਵਾਂ ਨੇ ਲੋਕਾਂ ਨੂੰ ਘਰਾਂ ’ਚ ਵਾੜੀ ਰੱਖਿਆ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਜੋ ਕਿ ਆਮ ਨਾਲੋਂ 10 ਡਿਗਰੀ ਸੈਲਸੀਅਸ ਘੱਟ ਸੀ ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸੇ ਤਰ੍ਹਾਂ ਸ਼ਿਮਲਾ ਦਾ ਵੱਧ ਤੋਂ ਵੱਧ ਤਾਪਮਾਨ 14.5 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਜੋ ਆਮ ਨਾਲੋਂ ਵੱਧ ਹੈ। ਸ਼ਿਮਲਾ ਏਅਰਪੋਰਟ ’ਤੇ ਵੱਧ ਤੋਂ ਵੱਧ ਤਾਪਮਾਨ 16.8 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 6.3 ਡਿਗਰੀ ਸੈਲਸਅਸ ਦਰਜ ਕੀਤਾ ਗਿਆ ਹੈ।
ਠੰਢ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਟਾਵੇਂ ਟਾਵੇਂ ਲੋਕ ਦਿਖਾਈ ਦਿੱਤੇ। ਇੰਨਾ ਹੀ ਨਹੀਂ ਸ਼ਹਿਰ ਦੀਆਂ ਮੁੱਖ ਮਾਰਕੀਟਾਂ ’ਚ ਵੀ ਠੰਢ ਦਾ ਅਸਰ ਦੇਖਣ ਨੂੰ ਮਿਲਿਆ। ਦੂਜੇ ਪਾਸੇ ਰੋਜ਼ਾਨਾ ਦਿਹਾੜੀ ਕਰਕੇ ਗੁਜ਼ਾਰਾ ਕਰਨ ਵਾਲੇ ਲੋਕਾਂ ਨੂੰ ਠੰਢ ਕਾਰਨ ਕੰਮ ਨਹੀਂ ਮਿਲ ਰਿਹਾ ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅਗਲੇ ਦੋ ਦਿਨ ਸ਼ਹਿਰ ਵਿੱਚ ਠੰਢ ਹੋਰ ਵੱਧ ਸਕਦੀ ਹੈ, ਜਦੋਂ ਕਿ ਅਗਲਾ ਪੂਰਾ ਹਫ਼ਤਾ ਸ਼ਹਿਰ ਵਿੱਚ ਧੁੰਦ ਰਹੇਗੀ। ਇਸ ਕਾਰਨ ਮੱਧਮ ਧੁੱਪ ਨਿਕਲਣ ਦੇ ਆਸਾਰ ਜਤਾਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸੀਤ ਹਵਾਵਾਂ ਚੱਲਣ ਕਰਕੇ ਵੀ ਠੰਢ ਵਧ ਸਕਦੀ ਹੈ।