ਮੁਕੇਸ਼ ਕੁਮਾਰ
ਚੰਡੀਗੜ੍ਹ, 30 ਨਵੰਬਰ
ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਲੈ ਕੇ ਚੰਡੀਗੜ੍ਹ ਦੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਸਮਾਗਮ ਕੀਤੇ ਗਏ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਮੱਥਾ ਟੇਕਿਆ। ਕਰੋਨਾ ਨੂੰ ਲੈ ਕੇ ਸ਼ਹਿਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਢੁਕਵੇਂ ਪ੍ਰਬੰਧ ਕੀਤੇ ਹੋਏ ਸਨ। ਗੁਰਦੁਆਰਿਆਂ ਨੂੰ ਰੰਗ ਬਿਰੰਗੀਆਂ ਰੋਸ਼ਨੀਆਂ ਨਾਲ ਰੋਸ਼ਨ ਕੀਤਾ ਗਿਆ। ਸੈਕਟਰ 22 ਦੀ ਗੁਰਦੁਆਰਾ ਸਥਾਪਨ ਕਮੇਟੀ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸਾਹਨੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਮੌਕੇ ਇਥੇ ਸ੍ਰੀ ਦਰਬਾਰ ਸਾਹਿਬ ਤੋਂ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਕੀਰਤਨ ਨਾਲ ਨਿਹਾਲ ਕੀਤਾ। ਪੀਜੀਆਈ ਸਥਿਤ ਗੁਰਦੁਆਰਾ ਪ੍ਰਤੱਖ ਦਰਸ਼ਨ ਪਾਤਸ਼ਾਹੀ ਛੇਵੀਂ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਗੁਰਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰੇ ਵਿੱਚ ਮੱਥਾ ਟੇਕਣ ਪਹੁੰਚੀ।
ਸ੍ਰੀ ਗੁਰੁੂ ਸਿੰਘ ਸਭਾ ਗੁਰਦੁਆਰਾ ਸੈਕਟਰ 19 ਵਿੱਚ 501 ਕਿੱਲੋ ਦਾ ਕੇਕ ਕੱਟਿਆ ਗਿਆ। ਕਈ ਗੁਰਦੁਆਰਿਆਂ ਸੰਗਤ ਨੂੰ ਥਾਲੀ ਵਿੱਚ ਪੈਕ ਕੀਤਾ ਹੋਇਆ ਲੰਗਰ ਵਰਤਾਇਆ ਗਿਆ ਤੇ ਪੀਣ ਲਈ ਬੋਤਲ ਬੰਦ ਪਾਣੀ ਦਿੱਤਾ ਗਿਆ।
ਚੰਡੀਗੜ੍ਹ (ਕੁਲਦੀਪ ਸਿੰਘ): ਇਥੇ ਪ੍ਰਕਾਸ਼ ਪੁਰਬ ਮੌਕੇ ਸੈਕਟਰ 20 ਦੇ ਗੁਰਦੁਆਰਾ ਕਲਗੀਧਰ ਖੇੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਉਪਰੰਤ ਨਵੇਂ ਤਿਆਰ ਕੀਤੇ ਦਰਬਾਰ ਸਾਹਿਬ ਵਿੱਚ ਪੰਜ ਪਿਆਰਿਆਂ ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ, ਉਪਰੰਤ ਕਥਾ ਕੀਰਤਨ ਦੀਵਾਨ ਸਜਾਏ ਗਏ, ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਵਿਸ਼ੇਸ਼ ਤੌਰ ’ਤੇ ਰਾਗੀ ਜਥਿਆਂ ਨੇ ਹਾਜ਼ਰੀ ਭਰੀ। ਇਸੇ ਤਰ੍ਹਾਂ ਸੈਕਟਰ 28 ਸਥਿਤ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵਿਖੇ ਵੀ ਸੰਤ ਬਾਬਾ ਗੁਰਦੇਵ ਸਿੰਘ ਦੀ ਅਗਵਾਈ ਵਿੱਚ ਕੀਰਤਨ ਦਰਬਾਰ ਸਜਾਏ ਗਏ।
ਗੁਰਦੁਆਰਾ ਨਾਢਾ ਸਾਹਿਬ ’ਚ ਵੱਡੀ ਗਿਣਤੀ ਸੰਗਤ ਨੇ ਮੱਥਾ ਟੇਕਿਆ
ਪੰਚਕੂਲਾ (ਪੀਪੀ ਵਰਮਾ): ਪੰਚਕੂਲਾ ਦੇ ਗੁਰਦੁਆਰਾ ਨਾਢਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਸੰਗਤ ਗੁਰਦੁਆਰੇ ਵਿੱਚ ਨਤਮਸਤਕ ਹੋਣ ਲਈ ਆਉਣੀ ਸ਼ੁਰੂ ਹੋ ਗਈ। ਗੁਰਦੁਆਰਾ ਨਾਢਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਜੀਤ ਸਿੰਘ ਨੇ ਦੱਸਿਆ ਕਿ ਸਾਰਾ ਦਿਨ ਹੀ ਰਾਗੀ ਢਾਡੀ ਜਥਿਆਂ ਨੇ ਗੁਰਬਾਣੀ ਨਾਲ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਥਾਵਾਂ ਤੋਂ ਆਏ ਫੁੱਲਾਂ ਗੁਰਦੁਆਰਾ ਕੰਪਲੈਕਸ ਨੂੰ ਸਜਾਇਆ ਗਿਆ ਸੀ ਤੇ ਸੰਗਤ ਲਈ ਸੈਨੇਟਾਈਜ਼ਰ ਦੇ ਵੀ ਪ੍ਰਬੰਧ ਸਨ। ਇਸੇ ਤਰ੍ਹਾਂ ਪੰਚਕੂਲਾ ਦੇ ਸੈਕਟਰ-7 ਦੇ ਗੁਰਦੁਆਰਾ ਸਿੰਘ ਸਭਾ ਵਿੱਚ ਵੀ ਪ੍ਰਕਾਸ਼ ਉਤਸਵ ਮਨਾਇਆ ਗਿਆ।