ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਸਤੰਬਰ
ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਕਿਰਾਏ ’ਤੇ ਰਹਿਣ ਵਾਲੇ ਨੌਜਵਾਨਾਂ, ਪੀਜੀ ਹਾਊਸ ਅਤੇ ਨੌਕਰੀਆਂ ਕਰਨ ਵਾਲਿਆਂ ਦੀ ਜਾਂਚ ਸ਼ੁਰੂ ਕੀਤੀ ਹੈ। ਡੀਜੀਪੀ ਪਰਵੀਰ ਰੰਜਨ ਨੇ ਸਾਰੇ ਥਾਣਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾਵੇ, ਜਿਸ ਦੌਰਾਨ ਕਿਰਾਏ ਅਤੇ ਪੀਜੀ ਵਿੱਚ ਰਹਿਣ ਵਾਲਿਆਂ ਦੀ ਪੁਲੀਸ ਵੈਰੀਫਿਕੇਸ਼ਨ ਕੀਤੀ ਜਾਵੇ। ਪੁਲੀਸ ਮੁਲਾਜ਼ਮ ਘਰ-ਘਰ ਜਾ ਕੇ ਵਸਨੀਕਾਂ ਦੀ ਚੈਕਿੰਗ ਕਰ ਰਹੇ ਹਨ। ਡੀਸੀ ਮਨਦੀਪ ਸਿੰਘ ਬਰਾੜ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਧਾਰਾ 144 ਲਾਗੂ ਕਰ ਦਿੱਤੀ ਹੈ। ਇਸ ਅਧੀਨ ਮਕਾਨ ਮਾਲਕਾਂ ਵੱਲੋਂ ਕਿਰਾਏ ’ਤੇ ਰਹਿਣ ਵਾਲਿਆਂ ਬਾਰੇ ਪੁਲੀਸ ਨੂੰ ਸੂਚਿਤ ਕਰਨਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਬੰਧਤ ਥਾਣੇ ਨੂੰ ਸੂਚਿਤ ਕਰਨ। ਅਜਿਹਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਸ਼ਹਿਰ ਵਿੱਚ ਅਪਰਾਧਕ ਘਟਨਾਵਾਂ ਵਧ ਰਹੀਆਂ ਹਨ। ਇਸ ਲਈ ਕਿਸੇ ਵੀ ਗੈਰ-ਸਮਾਜਿਕ ਵਿਅਕਤੀ ਨੂੰ ਸ਼ਹਿਰ ਵਿੱਚ ਰਹਿਣ ਨਹੀਂ ਦਿੱਤਾ ਜਾਵੇਗਾ।