ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਨਵੰਬਰ
ਹਰਿਆਣਾ ਕਾਡਰ ਦੇ ਆਈਏਐੱਸ ਅਧਿਕਾਰੀ ਨਿਸ਼ਾਂਤ ਕੁਮਾਰ ਯਾਦਵ ਨੇ ਅੱਜ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸਾਂਭ ਲਿਆ ਹੈ। ਇਸ ਦੇ ਨਾਲ ਹੀ ਯੂਟੀ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਣੇ ਛੇ ਵਿਭਾਗਾਂ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸ੍ਰੀ ਯਾਦਵ ਨੂੰ ਡਿਪਟੀ ਕਮਿਸ਼ਨਰ ਦੇ ਨਾਲ-ਨਾਲ ਅਸਟੇਟ ਆਫਿਸਰ, ਜ਼ਿਲ੍ਹਾ ਸੈਨਿਕ ਭਲਾਈ ਬੋਰਡ, ਕੰਟਰੋਲਰ ਡਿਫੈਂਸ, ਚੇਅਰਮੈਨ ਵਕਫ ਬੋਰਡ ਅਤੇ ਕਿਰਤ ਕਮਿਸ਼ਨਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਸ੍ਰੀ ਯਾਦਵ ਦੇ ਅਹੁਦਾ ਸਾਂਭਣ ਤੋਂ ਪਹਿਲਾਂ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਨੇ ਸ਼ਹਿਰ ਦੇ ਪੁਰਾਣੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੂੰ ਰਿਲੀਵ ਕੀਤਾ। ਇਸ ਤੋਂ ਬਾਅਦ ਵਿਨੈ ਪ੍ਰਤਾਪ ਸਿੰਘ ਨੇ ਸ੍ਰੀ ਨਿਸ਼ਾਂਤ ਕੁਮਾਰ ਯਾਦਵ ਦਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਨਿਸ਼ਾਂਤ ਕੁਮਾਰ ਯਾਦਵ ਹਰਿਆਣਾ ਕਾਡਰ ਦੇ ਸਾਲ 2013 ਬੈੱਚ ਦੇ ਆਈਏਐੱਸ ਅਧਿਕਾਰੀ ਹਨ। ਉਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫ਼ਾਰਸ਼ਾਂ ’ਤੇ ਕੇਂਦਰੀ ਕੈਬਨਿਟ ਵੱਲੋਂ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਤਿੰਨ ਸਾਲਾਂ ਲਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸ੍ਰੀ ਯਾਦਵ ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਵੱਲੋਂ ਸੇਵਾਵਾਂ ਨਿਭਾਅ ਰਹੇ ਸਨ।