ਸ਼ਸ਼ੀ ਪਾਲ ਜੈਨ
ਖਰੜ, 24 ਅਕਤੂਬਰ
ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅੱਜ ਚਮਕੌਰ ਸਾਹਿਬ ਹਲਕੇ ਦੇ ਖਰੜ ਬਲਾਕ ਦੇ 35 ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 68 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਲਾਕੇ ਦੇ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ ਕੀਤਾ। ਸ੍ਰੀ ਚੰਨੀ ਨੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ 14 ਕਰੋੜ ਰੁਪਏ ਦੇ ਚੈੱਕ ਸੌਂਪਦੇ ਹੋਏ, 54 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜਾਂ ਦੀ ਮਨਜ਼ੂਰੀ ਵੀ ਦਿੱਤੀ।
ਸ੍ਰੀ ਚੰਨੀ ਨੇ ਚਮਕੌਰ ਸਾਹਿਬ ਹਲਕੇ ਦੇ ਦੌਰੇ ਦੇ ਚੌਥੇ ਦਿਨ ਦੀ ਸ਼ੁਰੂਆਤ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਬਲਾਕ ਖਰੜ ਵਿਚ ਪੈਂਦੇ ਪਿੰਡ ਘੜੂੰਆਂ ਤੋਂ ਕੀਤੀ ਜੋ ਇਸ ਹਲਕੇ ਦਾ ਹੀ ਹਿੱਸਾ ਹੈ। ਉਨ੍ਹਾਂ ਅੱਜ ਘੜੂੰਆਂ ਤੋਂ ਇਲਾਵਾ ਗੜਾਂਗਾ, ਬਡਾਲਾ ਪਿੰਡਾਂ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ 35 ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡੇ। ਘੜੂੰਆਂ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਿੰਡ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਨੇੜਲੇ ਪਿੰਡਾਂ ਨੂੰ ਵੀ ਵੱਡਾ ਲਾਭ ਮਿਲੇਗਾ। ਮੁੱਖ ਮੰਤਰੀ ਨੇ ਪਿੰਡ ਵਿਚ ਸਥਿਤ ਪਾਵਨ ਸਰੋਵਰ ਦੇ ਨਵੀਨੀਕਰਨ ਲਈ 3.25 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ। ਪਿੰਡ ਗੜਾਂਗਾ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਚੰਨੀ ਨੇ 2 ਕਿਲੋਵਾਟ ਤੱਕ ਦੇ ਬਿਜਲੀ ਲੋਡ ਵਾਲੇ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਸਬੰਧੀ ਵਿਸਤਾਰ ਨਾਲ ਦੱਸਿਆ। ਉਨ੍ਹਾਂ ਪਿੰਡ ਚੋਲਟਾ ਖੁਰਦ ਦੇ ਆਤਮਾ ਸਿੰਘ ਨੂੰ 2,26,890 ਰੁਪਏ ਦੇ ਬਕਾਏ ਬਿਜਲੀ ਬਿੱਲ ਦੀ ਮੁਆਫੀ ਦਾ ਸਰਟੀਫਿਕੇਟ ਸੌਂਪਿਆ।