ਹਰਜੀਤ ਸਿੰਘ
ਜ਼ੀਰਕਪੁਰ, 24 ਫਰਵਰੀ
ਇਥੋਂ ਦਾ ਛੱਤਬੀੜ ਚਿੜੀਆਘਰ 75 ਫੀਸਦੀ ਸੈਲਾਨੀਆਂ ਦੀ ਸਮਰਥਾ ਨਾਲ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਵੱਲੋਂ ਇਹ ਫੈਸਲਾ ਕਰੋਨਾ ਦਾ ਪ੍ਰਕੋਪ ਘਟਣ ਮਗਰੋਂ ਲਿਆ ਗਿਆ ਹੈ। ਇਸ ਤੋਂ ਇਲਾਵਾ ਛੱਤਬੀੜ ਚਿੜੀਆਘਰ ਨੂੰ ਹੁਣ ਐਤਵਾਰ ਨੂੰ ਵੀ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਜਦੋਂਕਿ ਐਤਵਾਰ ਨੂੰ ਇਥੇ ਸੈਲਾਨੀਆਂ ਦੀ ਵਧਦੀ ਭੀੜ ਨੂੰ ਦੇਖਦਿਆਂ ਇਸ ਨੂੰ ਬੰਦ ਕਰ ਦਿੱਤਾ ਸੀ। ਦੇਸ਼ ’ਚ ਕਰੋਨਾ ਦੇ ਮਰੀਜ਼ਾਂ ਦੀ ਤਾਦਾਤ ਵਧਦੇ ਦੇਖਦਿਆਂ ਜ਼ਿਲ੍ਹਾ ਮੁਹਾਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ’ਚ ਕੁਝ ਪਾਬੰਦੀਆਂ ਲਾਈਆਂ ਗਈਆਂ ਸਨ। ਜ਼ਿਲ੍ਹਾ ਮੁਹਾਲੀ ਦੇ ਪਿੰਡ ਛੱਤ ਪੈਂਦੇ ਛੱਤਬੀੜ ਚਿੜੀਆਘਰ ਵਿੱਚ ਸੈਲਾਨੀਆਂ ਦੀ ਆਮਦ 50 ਫੀਸਦ ਕਰ ਦਿੱਤੀ ਸੀ। ਐਤਵਾਰ ਨੂੰ ਇਥੇ ਸੈਲਾਨੀਆਂ ਦਾ ਹਜ਼ੂਮ ਪਹੁੰਚਣ ਲੱਗ ਗਿਆ ਸੀ ਜਿਸ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਵੱਲੋਂ ਇਕ ਹੋਰ ਹੁਕਮ ਜਾਰੀ ਕਰਦਿਆਂ ਇਸ ਨੂੰ ਐਤਵਾਰ ਨੂੰ ਸੈਲਾਨੀਆਂ ਲਈ ਬੰਦ ਕਰ ਦਿੱਤਾ ਗਿਆ ਸੀ। ਜਦਕਿ ਸੋਮਵਾਰ ਇਥੇ ਛੁੱਟੀ ਹੁੰਦੀ ਸੀ। ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ਦੱਸਿਆ ਕਿ ਹੁਣ ਸੂਬੇ ਵਿੱਚ ਕਰੋਨਾ ਦੇ ਮਰੀਜ਼ਾਂ ਵਿੱਚ ਕਾਫੀ ਕਮੀ ਆਉਣ ਲੱਗ ਗਈ ਹੈ। ਇਸ ਨੂੰ ਦੇਖਦਿਆਂ ਜ਼ਿਲ੍ਹੇ ਵਿੱਚ ਲਾਈ ਗਈ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ। ਇਸੇ ਤਹਿਤ ਇਥੋਂ ਦੇ ਛੱਤਬੀੜ ਚਿੜੀਆਘਰ ਵਿੱਚ ਸੈਲਾਨੀਆਂ ਦੀ ਆਮਦ 50 ਫੀਸਦ ਤੋਂ ਵਧਾ ਕੇ 75 ਫੀਸਦ ਕਰ ਦਿੱਤੀ ਗਈ ਹੈ।