ਹਰਜੀਤ ਸਿੰਘ
ਜ਼ੀਰਕਪੁਰ, 20 ਜੁਲਾਈ
ਇਥੋਂ ਦਾ ਛੱਤਬੀੜ ਚਿੜੀਆਘਰ 82 ਦਿਨਾਂ ਬਾਅਦ ਸੈਲਾਨੀਆਂ ਲਈ ਖੋਲ੍ਹ ਦਿੱਤਾ ਗਿਆ ਹੈ। ਕਰੋਨਾ ਦੇ ਚਲਦਿਆਂ ਛੱਤਬੀੜ ਚਿੜੀਆਘਰ ਨੂੰ ਸੈਲਾਨੀਆਂ ਲਈ ਬੰਦ ਕੀਤਾ ਹੋਇਆ ਸੀ। ਇਸ ਮੌਕੇ ਛੱਤਬੀੜ ਚਿੜੀਆਘਰ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਬੂਟਾ ਵੀ ਲਾਇਆ।
ਇਸ ਮੌਕੇ ਸ੍ਰੀ ਧਰਮਸੋਤ ਨੇ ਅਧਿਕਾਰੀਆਂ ਨੂੰ ਕਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੂੰ ਦੇਖਦਿਆਂ ਇਥੇ ਆਉਣ ਵਾਲੇ ਸੈਲਾਨੀਆਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਕਰਵਾਉਣ ਦੀ ਹਦਾਇਤ ਕੀਤੀ। ਇਸੇ ਤਰ੍ਹਾਂ ਜਾਨਵਰਾਂ ਦੀ ਸੁਰੱਖਿਆ ਦਾ ਖ਼ਿਆਲ ਰੱਖਣ ਦੀ ਵੀ ਹਦਾਇਤ ਕੀਤੀ। ਸ੍ਰੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਬਾਰੇ ਉਨ੍ਹਾਂ ਕਿਹਾ ਕਿ ਹਾਈ ਕਮਾਂਡ ਵੱਲੋਂ ਲਿਆ ਹਰੇਕ ਫੈਸਲਾ ਸਿਰ ਮੱਥੇ ’ਤੇ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਮਾੜੇ ਸਮੇਂ ਵਿੱਚ ਕਮਾਂਡ ਸੰਭਾਲੀ ਸੀ ਅਤੇ ਹੁਣ ਕਾਂਗਰਸ ਪਾਰਟੀ ਦੂਜੀ ਵਾਰ ਸਰਕਾਰ ਬਣਾਉਣ ਲਈ ਤਿਆਰ ਹੈ।