ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 30 ਅਪਰੈਲ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਵਿੱਢੀ ਮੁਹਿੰਮ ਤਹਿਤ ਅਮਲੋਹ ਹਲਕੇ ’ਚ ਵੀ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਅਧੀਨ ਇੱਕ ਵੱਡੀ ਕੰਪਨੀ ਨੂੰ ਬਲੈਕ ਲਿਸਟ ਕਰਨ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਕੰਪਨੀ ਦੇ ਮੰਡੀ ਗੋਬਿੰਦਗੜ੍ਹ ਤੋਂ ਇਲਾਵਾ ਅਮਲੋਹ ਆਦਿ ਸ਼ਹਿਰਾਂ ਵਿੱਚ ਵੀ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਉਣ ਦਾ ਠੇਕਾ ਵੀ ਲੈਣ ਦੀ ਸੂਚਨਾ ਪ੍ਰਾਪਤ ਹੋਈ ਹੈ।
ਇਸ ਸਬੰਧੀ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਕਾਰਜ ਸਾਧਕ ਅਫ਼ਸਰ ਕੁਲਵੀਰ ਸਿੰਘ ਬਰਾੜ ਨੇ ਸੰਪਰਕ ਕਰਨ ’ਤੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਰਮਨਦੀਪ ਸਿੰਘ ਆਹਲੂਵਾਲੀਆ ਦੀ ਸ਼ਿਕਾਇਤ ਦੇ ਆਧਾਰ ’ਤੇ ਮੰਡੀ ਗੋਬਿੰਦਗੜ੍ਹ ਦੀ ਐਨ.ਕੇ ਕੰਟਰਕਸ਼ਨ ਕੰਪਨੀ ਨੂੰ ਕੌਂਸਲ ਵੱਲੋਂ ਬਲੈਕ ਲਿਸਟ ਕੀਤਾ ਗਿਆ ਹੈ। ਇਸ ਸਬੰਧੀ ਜਦੋਂ ਕੰਪਨੀ ਦੇ ਮਾਲਕਾ ਨਾਲ ਫ਼ੋਨ ’ਤੇ ਸੰਪਰਕ ਕਰਨ ਦਾ ਯਤਨ ਕੀਤਾ ਤਾਂ ਫ਼ੋਨ ਨਾ ਚੁੱਕਣ ਕਾਰਨ ਉਨ੍ਹਾਂ ਦਾ ਪੱਖ ਨਹੀਂ ਮਿਲ ਸਕਿਆ।
ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਇਸ ਕੰਪਨੀ ਨੂੰ ਬਲੈਕ ਲਿਸਟ ਕਰਨ ਦੇ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਿਸੇ ਵੀ ਕਿਸਮ ਦੀਆਂ ਬੇਨਿਯਮੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹੋਰ ਵੀ ਮਾਮਲਿਆਂ ਦੀ ਜਾਂਚ ਜਾਰੀ ਹੈ। ਇੱਥੇ ਇਹ ਵਰਣਨਯੋਗ ਹੈ ਕਿ ਮੰਡੀ ਗੋਬਿੰਦਗੜ੍ਹ ਦੇ ਕਾਰਜਸਾਧਕ ਅਫ਼ਸਰ ਕੁਲਵੀਰ ਸਿੰਘ ਬਰਾੜ ਨੇ ਮੰਡੀ ਗੋਬਿੰਦਗੜ੍ਹ ਦੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਐਨ.ਕੇ ਕੰਟਰਕਸ਼ਨ ਫਰਮ ਨੂੰ ਪੱਤਰ ਨੰਬਰ 966 ਮਿਤੀ 29 ਅਪਰੈਲ 2022 ਰਾਹੀਂ ਬਲੈਕ ਲਿਸਟ ਕਰਾਰ ਦਿੱਤਾ ਗਿਆ ਹੈ।