ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 7 ਫਰਵਰੀ
ਹਲਕਾ ਡੇਰਾਬੱਸੀ ਤੋਂ ਕਾਂਗਰਸ ਦੇ ਉਮੀਦਵਾਰ ਦੀਪਇੰਦਰ ਸਿੰਘ ਢਿੱਲੋਂ ਨੇ ਜ਼ੀਰਕਪੁਰ ਤੇ ਇਸ ਨਾਲ ਲੱਗਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਜਿੱਥੇ ਕਾਂਗਰਸ ਹਾਈਕਮਾਨ ਨੇ ਇਤਿਹਾਸ ਸਿਰਜ ਦਿੱਤਾ ਹੈ, ਉੱਥੇ ਹੀ ਸ੍ਰੀ ਚੰਨੀ ਨੇ ਵੀ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਰਿਕਾਰਡਤੋੜ ਕੰਮ ਕਰ ਕੇ ਵਿਰੋਧੀਆਂ ਨੂੰ ਭਾਜੜਾਂ ਪਾ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਚੰਨੀ ਦੀ ਅਗਵਾਈ ਹੇਠ ਬਿਜਲੀ ਤੇ ਪਾਣੀ ਦੇ ਬਿੱਲਾਂ ਵਿਚ ਕਟੌਤੀ ਸਬੰਧੀ ਵੱਡੇ ਫੈਸਲੇ ਲਏ ਗਏ ਹਨ ਜਦਕਿ ਕੱਚੇ ਕਾਮਿਆਂ ਨੂੰ ਪੱਕੇ ਕਰਨ ਸਬੰਧੀ ਫਾਈਲ ਸੂਬੇ ਦੇ ਰਾਜਪਾਲ ਨੇ ਆਪਣੇ ਕੋਲ ਦੱਬ ਕੇ ਰੱਖ ਲਈ ਸੀ, ਜਿਸ ਕਰ ਕੇ ਇਸ ਮਾਮਲੇ ਵਿੱਚ ਫੈਸਲਾ ਲੈਣ ’ਚ ਦੇਰ ਹੋਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਪ ਮੁੱਖ ਮੰਤਰੀ ਬਣਾਉਣ ਦੇ ਦਾਅਵੇ ਕਰ ਰਿਹਾ ਹੈ ਜਦਕਿ ਕਾਂਗਰਸ ਨੇ ਦਲਿਤ ਭਾਈਚਾਰੇ ’ਚੋਂ ਮੁੱਖ ਮੰਤਰੀ ਬਣਾਉਣ ਦਾ ਸਪੱਸ਼ਟ ਫੈਸਲਾ ਲੈ ਲਿਆ ਹੈ। ਇਸ ਦੌਰਾਨ ਉਨ੍ਹਾਂ ਭਾਜਪਾ ਨੂੰ ਵੀ ਲੰਬੇ ਹੱਥੀਂ ਲਿਆ।