ਹਰਜੀਤ ਸਿੰਘ
ਜ਼ੀਰਕਪੁਰ, 22 ਅਗਸਤ
ਇਥੋਂ ਦੀ ਪਟਿਆਲਾ ਰੋਡ ’ਤੇ ਸਥਿਤ ਸ਼ਿਵਾਲਿਕ ਵਿਹਾਰ ਸੁਸਾਇਟੀ ਦੇ ਵਸਨੀਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਕਲੋਨੀ ਵਿੱਚ ਪਾਣੀ ਦੀ ਨਿਕਾਸੀ ਦੀ ਵੱਡੀ ਸਮੱਸਿਆ ਬਣੀ ਹੋਈ ਹੈ ਜਿਸ ਸਬੰਧੀ ਸ਼ਿਕਾਇਤ ਕਰਨ ਦੇ ਬਾਵਜੂਦ ਨਗਰ ਕੌਂਸਲ ਦੇ ਅਧਿਕਾਰੀ ਇਸ ਪਾਸੇ ਧਿਆਨ ਨਹੀਂ ਦੇ ਰਹੇ ਹਨ। ਕਲੋਨੀ ਵਿੱਚ ਥਾਂ-ਥਾਂ ਪਾਣੀ ਭਰਨ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਸ਼ਿਵਾਲਿਕ ਵਿਹਾਰ ਸ਼ਹਿਰ ਦੀਆਂ ਪੁਰਾਣੀਆਂ ਸੁਸਾਇਟੀਆਂ ਵਿੱਚੋਂ ਇਕ ਹੈ ਜਿੱਥੇ ਵੱਡੀ ਗਿਣਤੀ ਲੋਕ ਵੱਸੇ ਹੋਏ ਹਨ ਪਰ ਸ਼ੁਰੂ ਤੋਂ ਹੀ ਨਗਰ ਕੌਂਸਲ ਨੇ ਇਸ ਕਲੋਨੀ ਨੂੰ ਅਣਗੌਲਿਆਂ ਕੀਤਾ ਹੋਇਆ ਹੈ। ਇੱਥੇ ਸਭ ਤੋਂ ਵੱਡੀ ਸਮੱਸਿਆ ਮੀਂਹ ਦੇ ਪਾਣੀ ਦੀ ਨਿਕਾਸੀ ਦੀ ਬਣੀ ਹੋਈ ਹੈ। ਇੱਥੇ ਮੌਨਸੂਨ ਸੀਜ਼ਨ ਦੌਰਾਨ ਥਾਂ-ਥਾਂ ’ਤੇ ਮੀਂਹ ਦਾ ਪਾਣੀ ਭਰ ਜਾਂਦਾ ਹੈ ਜਿਸ ਕਾਰਨ ਕਲੋਨੀ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਝੱਲਣੀਆਂ ਪੈਂਦੀਆਂ ਹਨ। ਸਥਾਨਕ ਲੋਕਾਂ ਨੇ ਦੱਸਿਆ ਕਿ ਮੀਂਹ ਦਾ ਇਹ ਪਾਣੀ ਪਾਣੀ ਲੰਬੇ ਸਮੇਂ ਤੋਂ ਖੜ੍ਹਾ ਹੋਣ ਕਾਰਨ ਇੱਥੇ ਮੱਖੀਆਂ ਤੇ ਮੱਛਰ ਪੈਦਾ ਹੋ ਗਏ ਹਨ ਜਿਸ ਕਾਰਨ ਇਥੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ।
ਸਮੱਸਿਆ ਜਲਦੀ ਹੱਲ ਕਰਾਂਗੇ: ਕੌਂਸਲ ਪ੍ਰਧਾਨ
ਉੱਧਰ, ਇਸ ਸਬੰਧੀ ਗੱਲ ਕਰਨ ’ਤੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਿਵਾਲਿਕ ਵਿਹਾਰ ਕਲੋਨੀ ਦੀ ਪਾਣੀ ਦੀ ਨਿਕਾਸੀ ਸਬੰਧੀ ਇਹ ਸਮੱਸਿਆ ਜਲਦੀ ਹੱਲ ਕਰ ਦਿੱਤੀ ਜਾਵੇਗੀ।