ਕੁਲਦੀਪ ਸਿੰਘ
ਚੰਡੀਗੜ੍ਹ, 17 ਨਵੰਬਰ
ਸ਼ਹਿਰ ਵਿਚ 136 ਹੋਰ ਵਿਅਕਤੀਆਂ ਨੂੰ ਕਰੋਨਾਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ ਜਦਕਿ ਦੋ ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤਰ੍ਹਾਂ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ ਵਧ ਕੇ 16022 ਹੋ ਗਿਆ ਹੈ ਅਤੇ 160 ਮਰੀਜ਼ਾਂ ਨੂੰ ਡਿਸਚਾਰਜ ਵੀ ਕੀਤਾ ਗਿਆ ਹੈ। ਇਸੇ ਦੌਰਾਨ ਐਕਟਿਵ ਕੇਸਾਂ ਦੀ ਗਿਣਤੀ 1026 ਹੋ ਗਈ ਹੈ। ਵੇਰਵਿਆਂ ਮੁਤਾਬਕ ਪਿੰਡ ਡੱਡੂਮਾਜਰਾ ਵਾਸੀ 61 ਸਾਲਾਂ ਦੇ ਵਿਅਕਤੀ ਦੀ ਪੀਜੀਆਈ ਵਿਚ ਮੌਤ ਹੋਈ ਹੈ ਜਦਕਿ ਸੈਕਟਰ-44 ਵਾਸੀ 77 ਸਾਲਾਂ ਦੇ ਬਜ਼ੁਰਗ ਦੀ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ ਮੌਤ ਹੋਈ ਹੈ। ਇਹ ਦੋਵੇਂ ਮਰੀਜ਼ ਕਰੋਨਾ ਦੇ ਨਾਲ ਹੋਰ ਵੀ ਬਿਮਾਰੀਆਂ ਤੋਂਂ ਪੀੜਤ ਸਨ। ਯੂ.ਟੀ. ਦੇ ਸਿਹਤ ਵਿਭਾਗ ਮੁਤਾਬਕ ਨਵੇਂ ਕੋਰੋਨਾ ਮਰੀਜ਼ ਸੈਕਟਰ 4, 7, 8, 9, 10, 15, 16, 18, 19, 20, 21, 22, 23, 24, 26, 27, 28, 29, 31, 32, 33, 35, 37, 38, 39, 40, 41, 42, 43, 44, 45, 46, 47, 48, 49, 50, 51, 52, ਬਹਿਲਾਣਾ, ਡੱਡੂਮਾਜਰਾ, ਦੜੂਆ, ਕੈਂਬਵਾਲਾ, ਖੁੱਡਾ ਅਲੀਸ਼ੇਰ, ਮਨੀਮਾਜਰਾ, ਮੌਲੀ ਜਾਗਰਾਂ, ਪੀ.ਜੀ.ਆਈ. ਕੈਂਪਸ ਤੇ ਰਾਮ ਦਰਬਾਰ ਦੇ ਵਸਨੀਕ ਹਨ।
ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 119 ਕੇਸ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਵਿੱਚੋਂ ਪੰਚਕੂਲਾ ਇਲਾਕੇ ਨਾਲ ਸਬੰਧਤ 83 ਕੇਸ ਹਨ। ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕਿਹਾ ਕਿ ਕੇਸ ਵਧਣ ਨਾਲ ਸਿਹਤ ਵਿਭਾਗ ਦੀ ਚਿੰਤਾ ਵੀ ਵੱਧ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਊਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਕੁਆਰਨਟਾਈਨ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਕਰੋਨਾ ਦੇ 442 ਐਕਟਿਵ ਕੇਸ ਹਨ ਅਤੇ ਹੁਣ ਤੱਕ 119 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਕਰੋਨਾ ਦੇ 6 ਮਾਮਲੇ ਸਾਹਮਣੇ ਆਏ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 40 ਹੋ ਗਈ ਹੈ। ਊਨ੍ਹਾਂ ਕਿਹਾ ਕਿ ਕਰੋਨਾ ਕਾਰਨ ਜ਼ਿਲ੍ਹੇ ਵਿਚ 105 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ 487 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ।
ਮੁਹਾਲੀ ਜ਼ਿਲ੍ਹੇ ਵਿੱਚ 4 ਮੌਤਾਂ; 84 ਨਵੇਂ ਮਾਮਲੇ
ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾ ਮਹਾਮਾਰੀ ਦੇ 84 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਜ਼ਿਲ੍ਹੇ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ 13 ਹਜ਼ਾਰ 762 ’ਤੇ ਪਹੁੰਚ ਗਈ ਹੈ। ਅੱਜ 67 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਚਾਰ ਕਰੋਨਾ ਪੀੜਤ ਮਰੀਜ਼ ਦੀ ਮੌਤ ਹੋ ਗਈ ਅਤੇ ਹੁਣ ਤੱਕ 259 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਵੇਰਵਿਆਂ ਅਨੁਸਾਰ ਮੁਹਾਲੀ ਸ਼ਹਿਰੀ ਖੇਤਰ ਵਿੱਚ 63 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਖਰੜ ਤੇ ਬੂਥਗੜ੍ਹ ਵਿੱਚ 1-1, ਲਾਲੜੂ ਵਿੱਚ 5 ਅਤੇ ਢਕੋਲੀ ਵਿੱਚ 14 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1059 ਕੇਸ ਐਕਟਿਵ ਹਨ ਤੇ ਹੁਣ ਤੱਕ 12 ਹਜ਼ਾਰ 444 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।