ਪੱਤਰ ਪ੍ਰੇਰਕ
ਚੰਡੀਗੜ੍ਹ, 24 ਫ਼ਰਵਰੀ
ਚੰਡੀਗੜ੍ਹ ਵਿੱਚ ਕਰੋਨਾ ਮਹਾਮਾਰੀ ਦੇ ਮਰੀਜ਼ਾਂ ਦਾ ਗ੍ਰਾਫ਼ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਯੂਟੀ ਪ੍ਰਸ਼ਾਸਨ ਦੀ ਸਖ਼ਤੀ ਦੇ ਚਲਦਿਆਂ ਹਾਲ ਹੀ ਵਿੱਚ ਸਥਿਤੀ ਕਾਬੂ ਹੇਠ ਆ ਗਈ ਸੀ ਪਰ ਹੁਣ ਮੁੜ ਕਿਤੇ ਨਾ ਕਿਤੇ ਹੋ ਰਹੀਆਂ ਬੇਨਿਯਮੀਆਂ ਕਾਰਨ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅੱਜ 41 ਨਵੇਂ ਵਿਅਕਤੀਆਂ ਨੂੰ ਕਰੋਨਾਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ ਜਦਕਿ ਮਨੀਮਾਜਰਾ ਵਾਸੀ 55 ਸਾਲਾਂ ਦੀ ਕਰੋਨਾ ਪੀੜਤ ਔਰਤ ਦੀ ਮੌਤ ਵੀ ਹੋਈ ਹੈ। ਉਹ ਪੀ.ਜੀ.ਆਈ. ਵਿੱਚ ਜ਼ੇਰੇ ਇਲਾਜ ਸੀ। ਇਸ ਤੋਂ ਇਲਾਵਾ 17 ਮਰੀਜ਼ਾਂ ਦਾ ਅੱਜ ਘਰੇਲੂ ਇਕਾਂਤਵਾਸ ਖ਼ਤਮ ਹੋਣ ਉਪਰੰੰਤ ਉਨ੍ਹਾਂ ਨੂੰ ਡਿਸਚਾਰਜ ਵੀ ਕੀਤਾ ਗਿਆ ਹੈ। ਇਸ ਸਮੇਂ ਸ਼ਹਿਰ ਵਿੱਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 250 ਹੈ।
ਰੂਪਨਗਰ (ਬਹਾਦਰਜੀਤ ਸਿੰਘ): ਜ਼ਿਲ੍ਹੇ ਵਿੱਚ ਅੱਜ 14 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ ਇਲਾਕੇ ਵਿੱਚ 3, ਸ੍ਰੀ ਚਮਕੌਰ ਸਾਹਿਬ ਇਲਾਕੇ ਵਿੱਚ 2, ਨੰਗਲ ਇਲਾਕੇ ਵਿੱਚ 4 ਅਤੇ ਸ੍ਰੀ ਆਨੰਦਪੁਰ ਸਾਹਿਬ ਇਲਾਕੇ ਵਿੱਚ 5 ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਜ਼ਿਲ੍ਹੇ ਵਿੱਚ ਐਕਟਿਵ ਕਰੋਨਾ ਕੇਸਾਂ ਦੀ ਗਿਣਤੀ 83 ਹੈ ਤੇ ਹੁਣ ਤੱਕ ਕਰੋਨਾ ਕਾਰਨ 175 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।