ਆਤਿਸ਼ ਗੁਪਤਾ
ਚੰਡੀਗੜ੍ਹ, 12 ਜਨਵਰੀ
ਚੰਡੀਗੜ੍ਹ ਵਿੱਚ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਦੀ ਰੋਕਥਾਮ ਲਈ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ ਜਿਸ ਤਹਿਤ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਜਿਮ ਵੀ ਬੰਦ ਕਰ ਦਿੱਤੇ ਗਏ ਹਨ, ਜਿਸ ਦੇ ਵਿਰੋਧ ’ਚ ਚੰਡੀਗੜ੍ਹ ਐਂਡ ਟ੍ਰਾਈਸਿਟੀ ਜਿਮ ਐਸੋਸੀਏਸ਼ਨ ਨੇ ਸੈਕਟਰ-9 ਸਥਿਤ ਯੂਟੀ ਸਕੱਤਰੇਤ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੂੰ ਮੰਗ ਪੱਤਰ ਦਿੱਤਾ।
ਐਸੋਸੀਏਸ਼ਨ ਦੇ ਆਗੂ ਮੋਹਿੰਦਰ ਸਿੰਘ ਅਤੇ ਪੰਕਜ ਨੇ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ 6 ਜਨਵਰੀ ਨੂੰ ਜਾਰੀ ਕੀਤੇ ਆਦੇਸ਼ਾਂ ਵਿੱਚ ਜਿਮ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਮ ਵਿੱਚ ਹਰ ਕੋਈ ਕਸਰਤ ਕਰਨ ਆਉਂਦਾ ਹੈ, ਜਿਸ ਨਾਲ ਲੋਕ ਤੰਦਰੁਸਤ ਰਹਿੰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਦੇ ਜਿਮਾਂ ਨੂੰ ਵੀ 50 ਫ਼ੀਸਦ ਸਮਰੱਥਾ ਨਾਲ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਜਾਵੇ।
ਐਸੋਸੀਏਸ਼ਨ ਦੇ ਮੈਂਬਰਾਂ ਨੇ ਲੰਘੇ ਦਿਨ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਿਨ੍ਹਾਂ ਅੱਜ ਚੰਡੀਗੜ੍ਹ ’ਚ ਯੂਟੀ ਸਕੱਤਰੇਤ ਅੱਗੇ ਮੁਜ਼ਾਹਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਛੋਟੇ-ਵੱਡੇ ਜਿਮਾਂ ਨੂੰ ਮਿਲਾ ਕੇ ਕੁੱਲ ਹਜ਼ਾਰ ਦੇ ਕਰੀਬ ਜਿਮ ਹਨ ਜਿਸ ਨਾਲ 20 ਹਜ਼ਾਰ ਤੋਂ ਵੱਧ ਲੋਕਾਂ ਦੇ ਘਰਾਂ ਦਾ ਗੁਜ਼ਾਰਾ ਹੁੰਦਾ ਹੈ। ਐਸੋਸੀਏਸ਼ਨ ਮੈਂਬਰਾਂ ਨੇ 50 ਫ਼ੀਸਦ ਸਮਰੱਥਾ ’ਤੇ ਜਿਮ ਖੋਲ੍ਹਣ ਦੀ ਮੰਗ ਕੀਤੀ ਹੈ।
ਪ੍ਰਸ਼ਾਸਨ ਨੇ ਆਂਗਣਵਾੜੀ ਕੇਂਦਰ ਅਗਲੇ ਹੁਕਮਾਂ ਤੱਕ ਕੀਤੇ ਬੰਦ
ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਯੂਟੀ ਪ੍ਰਸ਼ਾਸਨ ਨੇ ਪਾਬੰਦੀਆਂ ਦਾ ਘੇਰਾ ਵੀ ਵਧਾ ਦਿੱਤਾ ਹੈ। ਅੱਜ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਸ਼ਹਿਰ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਵੇਖਦਿਆਂ ਸ਼ਹਿਰ ਵਿਚਲੇ ਸਾਰੇ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਹੈ। ਉਨ੍ਹਾਂ ਆਂਗਣਵਾੜੀ ਕੇਂਦਰਾਂ ਦੇ ਸਟਾਫ਼ ਨੂੰ ਡਿਊਟੀ ’ਤੇ ਹਾਜ਼ਰ ਰਹਿਣ ਦੇ ਹੁਕਮ ਜਾਰੀ ਕੀਤੇ ਹਨ ਜੋ ਫੀਲਡ ਦਾ ਕੰਮ ਪਹਿਲਾਂ ਵਾਂਗ ਕਰਨਗੀਆਂ।