ਪੱਤਰ ਪ੍ਰੇਰਕ
ਚੰਡੀਗੜ੍ਹ, 1 ਅਪਰੈਲ
ਪੰਜਾਬ ਯੂਨੀਵਰਸਿਟੀ ਦੇ ਡਾ. ਹਰਵੰਸ਼ ਸਿੰਘ ਜੱਜ ਇੰਸਟੀਚਿਊਟ ਆਫ਼ ਡੈਂਟਲ ਸਾਇੰਸਿਜ਼ ਤੇ ਹਸਪਤਾਲ ਵਿੱਚ ਦੰਦਾਂ ਦਾ ਇਲਾਜ ਕਰਵਾਉਣ ਤੋਂ ਪਹਿਲਾਂ ਕਰੋਨਾ ਟੈਸਟ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇੰਸਟੀਚਿਊਟ ਦੇ ਪ੍ਰਿੰਸੀਪਲ ਡਾ. ਹੇਮੰਤ ਬੱਤਰਾ ਵੱਲੋਂ ਦੱਸਿਆ ਗਿਆ ਕਿ ਚੰਡੀਗੜ੍ਹ ਵਿੱਚ ਕਰੋਨਾ ਮਰੀਜ਼ਾਂ ਦੀ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ ਕਿ ਹਸਪਤਾਲ ਆਉਣ ਸਮੇਂ ਹਰੇਕ ਮਰੀਜ਼ ਨੂੰ ਆਰ.ਟੀ.ਪੀ.ਸੀ.ਆਰ. ਵਿਧੀ ਰਾਹੀਂ ਕਰੋਨਾ ਟੈਸਟ ਕਰਵਾ ਕੇ ਰਿਪੋਰਟ ਨਾਲ ਲਿਆਉਣੀ ਜ਼ਰੂਰੀ ਹੋਵੇਗੀ। ਇਸ ਦੌਰਾਨ ਸਿਰਫ਼ ਐਮਰਜੈਂਸੀ ਕੇਸ ਹੀ ਦੇਖੇ ਜਾਣਗੇ।