ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਅਕਤੂਬਰ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਜ਼ਦੀਕ ਆਉਣ ’ਤੇ ਸਾਰੀਆਂ ਸਿਆਸੀਆਂ ਪਾਰਟੀਆਂ ਨੇ ਗਤੀਵੀਧੀਆਂ ਤੇਜ਼ ਕਰ ਦਿੱਤੀਆਂ ਹਨ। ਉਸੇ ਦੌਰਾਨ ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਇਕਾਈ ਵੱਲੋਂ ਸ਼ਹਿਰ ’ਚ ਘਰ-ਘਰ ਪਹੁੰਚ ਕਰਕੇ ਮੈਂਬਰਸ਼ਿਪ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਨੂੰ ਵੱਡੇ ਪੱਧਰ ’ਤੇ ਲੋਕਾਂ ਦੀ ਹਮਾਇਤ ਮਿਲ ਰਹੀ ਹੈ। ਇਸ ਦੇ ਨਾਲ ਹੀ ਲੋਕ ਭਾਜਪਾ ਅਤੇ ਕਾਂਗਰਸ ਤੋਂ ਬਦਲ ਦੀ ਆਸ ਰੱਖਦੇ ਦਿਖਾਈ ਦੇ ਰਹੇ ਹਨ।
ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਪ੍ਰੇਮ ਗਰਗ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਿਗਮ ਚੋਣਾਂ ਤੋਂ ਪਹਿਲਾਂ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਪਰਕ ਮੁਹਿੰਮ ਦੌਰਾਨ ਵੱਖ-ਵੱਖ ਇਲਾਕਿਆਂ ਦੇ ਕੰਮਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਜਿਸ ਨੂੰ ਨਿਗਮ ਚੋਣਾਂ ’ਚ ਮੁੱਖ ਮੁੱਦਿਆ ਵੱਜੋਂ ਉਭਾਰਿਆ ਜਾਵੇਗਾ।
ਸ੍ਰੀ ਗਰਗ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਵੱਲੋਂ ਨਿਗਮ ਚੋਣਾਂ ਲਈ ਵਧੀਆਂ ਚਹਿਰਿਆਂ ਦੀ ਭਾਲ ’ਚ ਸਰਵੇਖਣ ਵੀ ਕਰਵਾਇਆ ਜਾ ਰਿਹਾ ਹੈ। ਜਿਸ ਦੇ ਆਧਾਰ ’ਤੇ ਹੀ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਿਗਮ ਚੋਣਾਂ ’ਚ ਭ੍ਰਿਸ਼ਟਾਚਾਰ ਦਾ ਖਾਤਮਾ ਕਰਨਾ ਮੁੱਖ ਮੁੱਦਾ ਹੋਵੇਗਾ।