ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 16 ਨਵੰਬਰ
ਜ਼ਿਲ੍ਹਾ ਪ੍ਰਸ਼ਾਸਨ ਨੇ ਉਮਰ ਯੋਗਤਾ 1 ਜਨਵਰੀ 2021 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਕਾਰਜ 15 ਦਸੰਬਰ ਤੱਕ ਜਾਰੀ ਰਹੇਗਾ। ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦਿਪਾਂਕਰ ਗਰਗ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਦੀ ਮੀਟਿੰਗ ਕੀਤੀ।
ਸ੍ਰੀ ਗਰਗ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੇ ਸੈੱਟ ਅਤੇ ਬਿਨਾਂ ਫੋਟੋ ਵੋਟਰ ਸੂਚੀ ਦੀ ਸੀਡੀ ਸੌਂਪੀ ਅਤੇ ਵੋਟਰ ਸੂਚੀ ਵਿੱਚ ਸੁਧਾਈ ਦੇ ਪ੍ਰੋਗਰਾਮ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਡਰਾਫ਼ਟ ਸੂਚੀ ਸਬੰਧੀ ਅੱਜ ਤੋਂ 15 ਦਸੰਬਰ ਤੱਕ ਦਾਅਵੇ, ਇਤਰਾਜ਼ ਪ੍ਰਾਪਤ ਕੀਤੇ ਜਾਣੇ ਹਨ। ਜਿਨ੍ਹਾਂ ਦੀ ਉਮਰ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇ, ਉਹ ਆਪਣਾ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ-6 ਭਰ ਕੇ ਦੇ ਸਕਦੇ ਹਨ, ਵੋਟਰ ਵੱਲੋਂ ਰਿਹਾਇਸ਼ ਬਦਲਣ ਦੀ ਸੂਰਤ ਵਿੱਚ ਵੋਟ ਤਬਦੀਲ ਕਰਨ ਲਈ ਫਾਰਮ ਨੰਬਰ 8 (ਓ) ਭਰਿਆ ਜਾਵੇਗਾ। ਇਸ ਤੋਂ ਇਲਾਵਾ 21, 22 ਨਵੰਬਰ ਅਤੇ 5, 6 ਦਸੰਬਰ ਨੂੰ ਬੂਥ ਲੈਵਲ ਅਫ਼ਸਰਾਂ ਵੱਲੋਂ ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿ ਕੇ ਦਾਅਵੇ, ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਸ੍ਰੀ ਦਿਪਾਂਕਰ ਗਰਗ ਨੇ ਕਿਹਾ ਕਿ ਆਪਣੀ ਵੋਟ ਬਣਾਉਣ ਲਈ www.NVSP.in ਤੇ Voterhelpline app ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਹੋਰ ਜਾਣਕਾਰੀ ਲਈ ਟੌਲ ਫ੍ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।