ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 11 ਜੂਨ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਈਐਸਆਈ ਹਸਪਤਾਲ ਖਰੜ ਦੀ ਬ੍ਰਾਂਚ ਮੈਨੇਜਰ ਚੰਦਰ ਮੋਹਿਨੀ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਹਿਲਾ ਅਧਿਕਾਰੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਸੰਗਰੂਰ ਜੇਲ੍ਹ ਭੇਜ ਦਿੱਤਾ ਹੈ। ਬੀਤੇ ਕੱਲ੍ਹ ਵਿਜੀਲੈਂਸ ਦੇ ਡੀਐਸਪੀ ਹਰਵਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਉਕਤ ਅਧਿਕਾਰੀ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਦੇ ਡੀਐਸਪੀ ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਸ੍ਰੀਮਤੀ ਸੁਖਜਿੰਦਰ ਕੌਰ ਪਤਨੀ ਪੀੜਤ ਮਹਿੰਦਰ ਸਿੰਘ ਵਾਸੀ ਪਿੰਡ ਸਿੰਘਪੁਰਾ (ਕੁਰਾਲੀ) ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਪੀੜਤ ਮਹਿੰਦਰ ਸਿੰਘ ਫੋਕਲ ਪੁਆਇੰਟ ਚਨਾਲੋ (ਕੁਰਾਲੀ) ਦੀ ਇਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਹੈ ਜਿਸ ਦੇ ਕੰਮ ਲਈ ਪੈਸੇ ਮੰਗੇ ਗਏ।