ਪੱਤਰ ਪ੍ਰੇਰਕ
ਚੰਡੀਗੜ੍ਹ, 28 ਜੂਨ
ਚੰਡੀਗੜ੍ਹ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਅੱਜ ਇੱਥੇ ਇੰਡਸਟਰੀਅਲ ਏਰੀਆ ਸਥਿਤ ਡਾਇਰੈਕਟਰ ਟਰਾਂਸਪੋਰਟ ਦੇ ਦਫ਼ਤਰ ਅੱਗੇ ਗੇਟ ਰੈਲੀ ਕੀਤੀ ਗਈ ਜਿਸ ਵਿੱਚ ਸ਼ਾਮਲ ਮੁਲਾਜ਼ਮਾਂ ਨੇ ਮੈਨੇਜਮੈਂਟ ਖਿਲਾਫ਼ ਨਾਅਰੇਬਾਜ਼ੀ ਕੀਤੀ।
ਰੋਸ ਰੈਲੀ ’ਚ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਜੱਸਾ, ਮੀਤ ਪ੍ਰਧਾਨ ਗੁਰਨਾਮ ਸਿੰਘ, ਕੈਸ਼ੀਅਰ ਮਨਦੀਪ ਅਤੇ ਜਨਰਲ ਸਕੱਤਰ ਸਤਿੰਦਰ ਸਿੰਘ ਨੇ ਕਿਹਾ ਕਿ ਯੂਨੀਅਨ ਨਵੀਆਂ ਬੱਸਾਂ, ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪਾਂ ਦੀ ਭਰਤੀ ਲਈ ਯੂ.ਟੀ. ਪ੍ਰਸ਼ਾਸਨ ਅਤੇ ਸੀ.ਟੀ.ਯੂ. ਮੈਨੇਜਮੈਂਟ ਦਾ ਧੰਨਵਾਦ ਕਰਦੀ ਹੈ ਪਰ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਵਿਭਾਗੀ ਮੰਗਾਂ ਨੂੰ ਹੱਲ ਕਰਨ ’ਚ ਦੇਰੀ ਕਰ ਰਹੀ ਹੈ ਜਿਸ ਕਰਕੇ ਮੁਲਾਜ਼ਮਾਂ ਵਿੱਚ ਰੋਸ ਵਧ ਰਿਹਾ ਹੈ। ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸੀ.ਟੀ.ਯੂ. ਮੈਨੇਜਮੈਂਟ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਪਰ ਮੈਨੇਜਮੈਂਟ ਨੇ ਕੋਈ ਹੱਲ ਨਹੀਂ ਕੱਢਿਆ।
ਉਨ੍ਹਾਂ ਮੰਗ ਕੀਤੀ ਕਿ ਡਰਾਈਵਰ ਅਤੇ ਕੰਡਕਟਰ ਲਈ ਘੱਟੋ-ਘੱਟ 800 ਰੁਪਏ ਰਾਤ ਦਾ ਭੱਤਾ ਲਾਗੂ ਕੀਤਾ ਜਾਵੇ। ਹਫ਼ਤੇ ਵਿੱਚ 48 ਘੰਟੇ ਡਿਊਟੀ ਦੀ ਆੜ ’ਚ ਓਵਰਟਾਈਮ ਦੀ ਕਟੌਤੀ ਬੰਦ ਕੀਤੀ ਜਾਵੇ।ਡਰਾਈਵਰ ਅਤੇ ਕੰਡਕਟਰਾਂ ਦੀਆਂ ਡਿਊਟੀ ਵਰਕਸ਼ਾਪ ਤੋਂ ਸ਼ੁਰੂ ਹੋਵੇ। ਬੁਲਾਰਿਆਂ ਨੇ ਕਿਹਾ ਕਿ ਜੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਸੰਘਰਸ਼ ਤੇਜ਼ ਕਰਨ ਲਈ ਮਜ਼ਬੂਰ ਹੋਵੇਗੀ।