ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 27 ਅਕਤੂਬਰ
ਮੁਹਾਲੀ ਨਗਰ ਨਿਗਮ ਵੱਲੋਂ ਕਰਵਾਏ ਜਾਂਦੇ ਵਿਕਾਸ ਕਾਰਜਾਂ ਦੌਰਾਨ ਸ਼ਹਿਰ ਵਿੱਚ ਲੱਗੇ ਦਰੱਖ਼ਤਾਂ ਨੂੰ ਨੁਕਸਾਨ ਪਹੁੰਚਾਏ ਜਾਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਜੁਡੀਸ਼ਲ ਮੈਜਿਸਟ੍ਰੇਟ ਜਗਜੀਤ ਸਿੰਘ ਦੀ ਅਦਾਲਤ ਨੇ ਅੱਜ ਮੁਹਾਲੀ ਨਿਗਮ ਦੇ ਸਾਬਕਾ ਕਮਿਸ਼ਨਰ ਡਾ. ਕਮਲ ਕੁਮਾਰ ਨੂੰ ਸੰਮਨ ਜਾਰੀ ਕਰ ਕੇ 29 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਇਹ ਸੰਮਨ ਨੈਸ਼ਨਲ ਗਰੀਨ ਟ੍ਰਿਬਿਊਨਲ ਐਕਟ 2010 ਦੀ ਧਾਰਾ 26 ਤਹਿਤ ਜਾਰੀ ਕੀਤੇ ਗਏ ਹਨ।
ਐਨਵਾਇਰਮੈਂਟ ਪ੍ਰੋਟੈਕਸ਼ਨ ਸੁਸਾਇਟੀ ਮੁਹਾਲੀ ਦੇ ਜਨਰਲ ਸਕੱਤਰ ਆਰਐੱਸ ਬੈਦਵਾਨ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੌਰਾਨ ਗਲੀਆਂ ਤੇ ਸੜਕਾਂ ਕਿਨਾਰੇ ਖੜ੍ਹੇ ਦਰੱਖ਼ਤਾਂ ਦੀਆਂ ਜੜ੍ਹਾਂ ਨਾਲ ਪੱਕਾ ਕੰਕਰੀਟ ਬਣਾ ਦਿੱਤੇ ਜਾਣ ਕਾਰਨ ਵੱਡੀ ਗਿਣਤੀ ਵਿੱਚ ਹਰੇ ਭਰੇ ਰੁੱਖਾਂ ਦਾ ਘਾਣ ਕੀਤਾ ਗਿਆ ਹੈ।
ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਰੁੱਖ ਦੇ ਆਸ-ਪਾਸ ਥਾਂ ਪੱਕੀ ਕਰਨ ਵੇਲੇ ਜੜ੍ਹਾਂ ਦੇ ਚਾਰ ਚੁਫੇਰੇ ਇੱਕ ਮੀਟਰ ਥਾਂ ਛੱਡਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਰੁੱਖਾਂ ਦੇ ਘਾਣ ਖ਼ਿਲਾਫ਼ ਸੁਸਾਇਟੀ ਵੱਲੋਂ ਨਗਰ ਨਿਗਮ ਖ਼ਿਲਾਫ਼ ਨੈਸ਼ਨਲ ਗਰੀਨ ਟ੍ਰਬਿਊਨਲ ਵਿੱਚ ਕੇਸ ਦਾਇਰ ਕੀਤਾ ਗਿਆ ਸੀ।
ਇਸ ’ਤੇ ਸੁਣਵਾਈ ਕਰਦਿਆਂ ਟ੍ਰਿਬਿਊਨਲ ਵੱਲੋਂ ਹੁਕਮ ਜਾਰੀ ਕਰ ਕੇ ਨਗਰ ਨਿਗਮ ਨੂੰ ਹਦਾਇਤ ਕੀਤੀ ਗਈ ਸੀ ਕਿ ਵਿਕਾਸ ਕਾਰਜਾਂ ਦੌਰਾਨ ਰੁੱਖਾਂ ਦੀਆਂ ਜੜ੍ਹਾਂ ਨੂੰ ਬਚਾਉਣ ਲਈ ਚਾਰੇ ਪਾਸੇ ਇੱਕ ਮੀਟਰ ਥਾਂ ਛੱਡਣੀ ਯਕੀਨੀ ਬਣਾਈ ਜਾਵੇ। ਲੇਕਿਨ ਇਸ ਦੇ ਬਾਵਜੂਦ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਸਮੇਂ ਦਰੱਖ਼ਤਾਂ ਦਾ ਘਾਣ ਜਾਰੀ ਰੱਖੇ ਜਾਣ ਖ਼ਿਲਾਫ਼ ਉਕਤ ਸੰਸਥਾ ਵੱਲੋਂ ਨਗਰ ਨਿਗਮ ਦੇ ਤਤਕਾਲੀ ਕਮਿਸ਼ਨਰ ਅਤੇ ਹੋਰਨਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਮੁਹਾਲੀ ਅਦਾਲਤ ਵਿੱਚ ਕੇਸ ਪਾਇਆ ਗਿਆ ਸੀ।
ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਨੂੰ 29 ਨਵੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਉਧਰ, ਹੁਣ ਨਗਰ ਨਿਗਮ ਨੇ ਸੜਕ ਕਿਨਾਰੇ ਫੁੱਟਪਾਥਾਂ ’ਤੇ ਪੇਵਰ ਬਲਾਕ ਲਗਾਉਣ ਸਮੇਂ ਰੁੱਖਾਂ ਦੇ ਆਸ-ਪਾਸ ਕੱਚੀ ਥਾਂ ਛੱਡਣੀ ਸ਼ੁਰੂ ਕਰ ਦਿੱਤੀ ਹੈ।