ਪੱਤਰ ਪ੍ਰੇਰਕ
ਚੰਡੀਗੜ੍ਹ, 3 ਅਕਤੂਬਰ
ਇੱਥੇ ਅੱਜ ਕਰੋਨਾਵਾਇਰਸ ਪੀੜਤ ਤਿੰਨ ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ ਜਦ ਕਿ 148 ਹੋਰ ਵਿਅਕਤੀਆਂ ਦੀਆਂ ਰਿਪੋਰਟਾਂ ਕਰੋਨਾ ਪਾਜ਼ੇਟਿਵ ਆਈਆਂ ਹਨ।
ਜਾਣਕਾਰੀ ਮੁਤਾਬਕ ਪਿੰਡ ਹੱਲੋਮਾਜਰਾ ਨਿਵਾਸੀ 43 ਸਾਲਾ ਵਿਅਕਤੀ ਅਤੇ ਸੈਕਟਰ 61 ਨਿਵਾਸੀ 70 ਸਾਲਾ ਔਰਤ ਦੀ ਜੀ.ਐਮ.ਸੀ.ਐਚ.-32 ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸੇ ਤਰ੍ਹਾਂ ਪਿੰਡ ਧਨਾਸ ਨਿਵਾਸੀ 32 ਸਾਲਾ ਵਿਅਕਤੀ ਦੀ ਪੀ.ਜੀ.ਆਈ. ਵਿੱਚ ਮੌਤ ਹੋ ਗਈ ਹੈ। ਇਹ ਤਿੰਨੋਂ ਮਰੀਜ਼ ਕੋਰੋਨਾ ਵਾਇਰਸ ਦੇ ਨਾਲ-ਨਾਲ ਹੋਰ ਵੀ ਕਈ ਵੱਖ-ਵੱਖ ਗੰਭੀਰ ਬਿਮਾਰੀਆਂ ਤੋਂ ਪੀੜਤ ਸਨ।
ਪੰਚਕੂਲਾ (ਪੱਤਰ ਪ੍ਰੇਰਕ): ਪੰਚਕੂਲਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪੰਚਕੂਲਾ ਵਿੱਚ 70 ਨਵੇਂ ਕਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਚਾਰ ਮੌਤਾਂ ਹੋਈਆਂ ਹਨ। ਮ੍ਰਿਤਕਾਂ ਵਿੱਚ ਇੱਕ ਮਹਿਲਾ ਰਾਏਪੁਰਰਾਣੀ ਤੋਂ, ਇੱਕ ਮਹਿਲਾ ਪਿੰਡ ਬੁੱਢਣਪੁਰ, ਇੱਕ ਵਿਅਕਤੀ ਸੈਕਟਰ-25, ਇੱਕ ਵਿਅਕਤੀ ਕਾਲਕਾ ਦਾ ਰਹਿਣ ਵਾਲਾ ਸੀ। ਇਸ ਗੱਲ ਦੀ ਪੁਸ਼ਟੀ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕੀਤੀ।
ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ): ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ ਜਦੋਂ ਕਿ 19 ਨਵੇਂ ਮਾਮਲੇ ਸਾਹਮਣੇ ਆਏ ਹਨ।
ਐੱਸ.ਏ.ਐੱਸ. ਨਗਰ (ਪੱਤਰ ਪ੍ਰੇਰਕ): ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਅੱਜ ਕਰੋਨਾ ਪੀੜਤ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਅਤੇ ਕਰੋਨਾ ਮਹਾਮਾਰੀ ਦੇ ਪਾਜ਼ੇਟਿਵ ਕੇਸਾਂ ਵਿੱਚ ਵੀ ਕਮੀ ਆਈ ਹੈ। ਮੁਹਾਲੀ ਜ਼ਿਲ੍ਹੇ ਵਿੱਚ ਅੱਜ 88 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ।
ਰੂਪਨਗਰ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ 20 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ ਜਦੋਂ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ। ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੇ ਦੱਸਿਆ ਕਿ ਸ਼ਹਿਰ ਦੇ 50 ਸਾਲਾ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋ ਗਈ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਅੰਬਾਲਾ ਵਿੱਚ ਕਰੋਨਾ ਨਾਲ ਦੋ ਮਰੀਜ਼ਾਂ ਦੀ ਮੌਤ ਹੋ ਗਈ। ਪਹਿਲੀ ਮੌਤ ਸ਼ਿਵਾਲਿਕ ਕਲੋਨੀ ਅੰਬਾਲਾ ਸ਼ਹਿਰ ਦੇ 55 ਸਾਲਾ ਵਿਅਕਤੀ ਅਤੇ ਦੂਜੀ ਹਾਸ਼ਮੀ ਮੁਹੱਲਾ ਅੰਬਾਲਾ ਸ਼ਹਿਰ ਦੇ ਵਿਅਕਤੀ ਦੀ ਹੋਈ ਹੈ। ਦੋਵੇਂ ਮਰੀਜ਼ ਸ਼ੂਗਰ ਤੋਂ ਪੀੜਤ ਸਨ ਅਤੇ ਬਹੁਤ ਨਾਜ਼ੁਕ ਹਾਲਤ ਵਿਚ ਹਸਪਤਾਲ ਪਹੁੰਚੇ ਸਨ।
ਮਨੀਮਾਜਰਾ ਦੇ 19 ਘਰ ਮਾਈਕਰੋ ਕੰਟੇਨਮੈਂਟ ਜ਼ੋਨ ਤੋਂ ਬਾਹਰ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਚੰਡੀਗੜ੍ਹ ਵਿੱਚ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਨੂੰ ਨੱਥ ਪਾਉਣ ਲਈ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬਣਾਏ ਮਾਈਕਰੋ ਕੰਟੇਨਮੈਂਟ ਜ਼ੋਨਾਂ ਵਿੱਚੋਂ ਪਿਪਲੀ ਵਾਲਾ ਟਾਊਨ ਮਨੀਮਾਜਰਾ ਦੇ ਕੁਝ ਘਰਾਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਤੋਂ ਬਾਹਰ ਕਰ ਦਿੱਤਾ ਹੈ। ਐੱਸਡੀਐਮ ਸੁਧਾਂਸ਼ੂ ਗੌਤਮ ਨੇ ਦੱਸਿਆ ਕਿ ਇਸ ਇਲਾਕੇ ਵਿੱਚ 19 ਸਤੰਬਰ ਤੋਂ ਬਾਅਦ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ। ਇਸ ਕਾਰਨ ਪ੍ਰਸ਼ਾਸਨ ਨੇ ਪਿਪਲੀ ਵਾਲਾ ਟਾਉਨ ਦੇ 19 ਘਰਾਂ ਨੂੰ ਕੰਟੇਨਮੈਂਟ ਜ਼ੋਨ ਤੋਂ ਬਾਹਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪ੍ਰਸ਼ਾਸਨ ਵੱਲੋਂ ਬੀਤੇ ਦਿਨ ਵੀ 10 ਮਾਈਕਰੋ ਕੰਟੇਨਮੈਂਟ ਜ਼ੋਨ ਹਟਾਏ ਗਏ ਸਨ।