ਪੱਤਰ ਪ੍ਰੇਰਕ
ਚੰਡੀਗੜ੍ਹ, 25 ਮਈ
ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਪੂਰੀ ਤਰ੍ਹਾਂ ਖੋਹ ਕੇ ਕੇਂਦਰੀ ਯੂਨੀਵਰਸਿਟੀ ਬਣਾਉਣ ਦੀਆਂ ਕੋਸ਼ਿਸ਼ਾਂ ਦਾ ਵਿਦਿਆਰਥੀ ਜਥੇਬੰਦੀਆਂ ਤਿੱਖਾ ਵਿਰੋਧ ਕਰਨਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਵਿਦਿਆਰਥੀ ਜਥੇਬੰਦੀ ਪੀਐੱਸਯੂ ਲਲਕਾਰ ਵੱਲੋਂ ਕਰਵਾਈ ਗਈ ਚਰਚਾ ਦੌਰਾਨ ਸੰਬੋਧਨ ਵਿਦਿਆਰਥੀ ਆਗੂਆਂ ਨੇ ਕੀਤਾ।
ਜਥੇਬੰਦੀ ਦੇ ਆਗੂਆਂ ਵਿੱਚ ਅਮਨਦੀਪ ਸਿੰਘ ਅਤੇ ਨੌਜਵਾਨ ਭਾਰਤ ਸਭਾ ਪੰਜਾਬ ਤੋਂ ਮਾਨਵਜੋਤ ਆਦਿ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਸੂਬਿਆਂ ਦੇ ਹੱਕਾਂ ਉਤੇ ਡਾਕਾ ਮਾਰਨ ਵਾਲੀ ਕੇਂਦਰ ਵਿਚਲੀ ਭਾਜਪਾ ਸਰਕਾਰ ਪੂਰੇ ਦੇਸ਼ ਦੀ ਤਾਕਤ ਆਪਣੇ ਹੱਥਾਂ ਵਿੱਚ ਲੈਣ ਲਈ ਹੱਥ ਮਾਰ ਰਹੀ ਹੈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਅਸਲ ਵਿੱਚ ਇਹ ਪੀ.ਯੂ. ਦਾ ਕੇਂਦਰੀਕਰਨ ਵੀ ਭਾਜਪਾ ਦੇ ਭਗਵੇਂਕਰਨ ਦੀ ਨੀਤੀ ਦਾ ਹਿੱਸਾ ਹੈ ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸਮੂਹ ਵਿਦਿਆਰਥੀ ਜਥੇਬੰਦੀਆਂ ਦੀ ਮੀਟਿੰਗ ਅੱਜ
ਪੀਐੱਸਯੂ ਲਲਕਾਰ ਦੇ ਆਗੂਆਂ ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਹੋਣ ਤੋਂ ਬਚਾਉਣ ਲਈ ਭਲਕੇ 26 ਮਈ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਸਮੂਹ ਵਿਦਿਆਰਥੀ ਜਥੇਬੰਦੀਆਂ ਦੀ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।