ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 7 ਫਰਵਰੀ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਕਿਸਾਨ ਯੂਨੀਅਨ (ਲੱਖੋਵਾਲ) ਦੀਆਂ ਜ਼ਿਲ੍ਹਾ ਇਕਾਈਆਂ ਨੇ ਅੱਜ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮੁਲਾਕਾਤ ਦੌਰਾਨ ਪਿਛਲੇ ਦਿਨੀਂ ਬਾਰਸ਼ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਅਤੇ ਸਬਜ਼ੀਆਂ ਦਾ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ।
ਦੋਵੇਂ ਜਥੇਬੰਦੀਆਂ ਦੇ ਆਗੂਆਂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ ਅਤੇ ਜਸਪਾਲ ਸਿੰਘ ਨਿਆਮੀਆਂ ਦੀ ਅਗਵਾਈ ਹੇਠ ਡੀਸੀ ਨੂੰ ਮੰਗ ਪੱਤਰ ਦਿੱਤਾ। ਆਗੂਆਂ ਨੇ ਕਿਸਾਨਾਂ ਨੂੰ ਸ਼ੁਰੂ ਤੋਂ ਦੋਹਰੀ ਮਾਰ ਪੈ ਰਹੀ ਹੈ। ਇੱਕ ਤਾਂ ਕਿਸਾਨਾਂ ਨੂੰ ਫ਼ਸਲਾਂ ਦਾ ਉੱਚਿਤ ਭਾਅ ਨਹੀਂ ਮਿਲਦਾ, ਦੂਜਾ ਹਰ ਸਾਲ ਮੀਂਹਾਂ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ, ਹਰਾ ਚਾਰਾ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੁੰਦਾ ਹੈ। ਕਿਸਾਨ ਆਗੂਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗੜੇਮਾਰੀ ਨਾਲ ਕਣਕ, ਚਾਰਾ ਅਤੇ ਸਬਜ਼ੀਆਂ ਆਦਿ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਹਨ। ਇਸ ਨਾਲ ਕਿਸਾਨਾਂ ਦਾ ਵੱਡਾ ਵਿੱਤੀ ਨੁਕਸਾਨ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਗੜੇਮਾਰੀ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਨੁਕਸਾਨੀਆਂ ਫ਼ਸਲਾਂ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ।
ਇਸ ਮੌਕੇ ਤੇਜਿੰਦਰ ਸਿੰਘ ਪੂਨੀਆ, ਜਸਪਾਲ ਸਿੰਘ ਲਾਂਡਰਾਂ, ਜਗਜੀਤ ਸਿੰਘ, ਹਰਪਾਲ ਸਿੰਘ, ਦਿਲਪ੍ਰੀਤ ਸਿੰਘ, ਜਸਵਿੰਦਰ ਸਿੰਘ, ਗੁਰਿੰਦਰ ਸਿੰਘ, ਕੁਲਵੀਰ ਸਿੰਘ ਭਾਰਤਪੁਰ, ਅਵਤਾਰ ਸਿੰਘ, ਜਸਵੀਰ ਸਿੰਘ ਆਦਿ ਮੌਜੂਦ ਸਨ।