ਪੱਤਰ ਪ੍ਰੇਰਕ
ਚੰਡੀਗੜ੍ਹ, 13 ਨਵੰਬਰ
ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਲਏ ਗਏ ਫ਼ੈਸਲੇ ਸਵਾਗਤਯੋਗ ਹਨ ਪਰ ਇਸ ਫ਼ੈਸਲੇ ਦੀ ਸਹੀ ਪਰਖ਼ ਅਮਲ ਦੀ ਕਸੌਟੀ ਉਤੇ ਹੀ ਹੋ ਸਕੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੰਡੀਗੜ੍ਹ ਪੰਜਾਬੀ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ, ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ ਅਤੇ ਸਕੱਤਰ ਗੁਰਪ੍ਰੀਤ ਸਿੰਘ ਸੋਮਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਮੰਚ ਦੇ ਅਹੁਦੇਦਾਰਾਂ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧ) ਬਿਲ 2021 ਅਤੇ ‘ਪੰਜਾਬ ਰਾਜ ਭਾਸ਼ਾ (ਸੋਧ) ਬਿਲ 2021 ਪਾਸ ਹੋਏ ਹਨ। ਇਸ ਦੀ ਉਲੰਘਣਾ ਕਰਨ ਵਾਲੇ ਨੂੰ ਪਹਿਲਾਂ ਮਿੱਥੇ ਗਏ ਜੁਰਮਾਨੇ ਦੀ ਰਾਸ਼ੀ ਵੀ ਵਧਾ ਦਿੱਤੀ ਗਈ ਹੈ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਜੁਰਮਾਨੇ ਤਾਂ ਪਹਿਲਾਂ ਵੀ ਕਾਨੂੰਨ ਵਿੱਚ ਦਰਜ ਸਨ ਪਰ ਇਨ੍ਹਾਂ ਉਤੇ ਅਮਲ ਨਹੀਂ ਹੋਇਆ।
ਚੰਡੀਗੜ੍ਹ ਪੰਜਾਬੀ ਮੰਚ ਮੰਗ ਕਰਦਾ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਵੱਲ ਧਿਆਨ ਦਿੱਤਾ ਜਾਵੇ। ਇਹ ਵੀ ਮੰਗ ਕਰਦਾ ਹੈ ਕਿ ਉਹ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਅਤੇ ਦਫ਼ਤਰੀ ਕੰਮਕਾਰ ਦੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਉਤੇ ਦਬਾਅ ਬਣਾਏ।