ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 16 ਅਪਰੈਲ
ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਦੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਜਸਪਾਲ ਸਿੰਘ ਦੱਪਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਲਾਲ ਲਕੀਰ ਦੇ ਅੰਦਰ ਜ਼ਮੀਨਾਂ ਦੀਆਂ ਰਜਿਸਟਰੀਆਂ ’ਤੇ ਲਗਾਈ ਰੋਕ ਤੁਰੰਤ ਹਟਾਈ ਜਾਵੇ।
ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਸ਼ੁਰੂ ਤੋਂ ਜੋ ਪਲਾਟ/ਜ਼ਮੀਨਾਂ ਲਾਲ ਲਕੀਰ ਦੇ ਅੰਦਰ ਹਨ, ਉਨ੍ਹਾਂ ਦੀਆਂ ਰਜਿਸਟਰੀਆਂ ਹੋ ਰਹੀਆਂ ਸਨ ਅਤੇ ਰਜਿਸਟਰੀ ਕਰਵਾਉਣ ਲਈ ਲਾਲ ਲਕੀਰ ਦੇ ਅੰਦਰ ਸਥਿਤ ਪਲਾਟ/ਮਕਾਨ ਦਾ ਨਕਸ਼ਾ ਤਿਆਰ ਕਰਕੇ ਪਿੰਡ ਦੇ ਨੰਬਰਦਾਰ, ਸ਼ਹਿਰੀ ਖੇਤਰ ਵਿੱਚ ਕੌਂਸਲਰ ਤੋਂ ਤਸਦੀਕ ਕਰਵਾ ਕੇ ਰਜਿਸਟਰੀ ਕਰਵਾ ਲਈ ਜਾਂਦੀ ਸੀ, ਪਰ ਹੁਣ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਕੀਲਾਂ ਦੀ ਸੰਸਥਾ ਦੇ ਆਗੂ ਨੇ ਕਿਹਾ ਕਿ ਸੂਬੇ ਦੇ 13 ਹਜ਼ਾਰ ਪਿੰਡਾਂ ਅਤੇ ਸੈਂਕੜੇ ਸ਼ਹਿਰਾਂ ਵਿੱਚ ਰਹਿੰਦੇ ਜਿਨ੍ਹਾਂ ਲੋਕਾਂ ਦੀਆਂ ਜਾਇਦਾਦਾਂ ਲਾਲ ਲਕੀਰ ਦੇ ਅੰਦਰ ਆਉਂਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮਾਲ ਵਿਭਾਗ ਦੇ ਕੰਮ ਨੂੰ ਸਰਲ ਬਣਾਉਣ ਲਈ ਲੋੜ ਅਨੁਸਾਰ ਨਿਯਮਾਂ ਵਿੱਚ ਤਰਮੀਮਾਂ ਕੀਤੀਆਂ ਜਾਣ। ਉਨ੍ਹਾਂ 15 ਦਿਨ ਦਾ ਅਲਟੀਮੇਟਮ ਦਿੰਦੇ ਹੋਏ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਲਾਲ ਡੋਰੇ ਅੰਦਰ ਜ਼ਮੀਨ ਦੀਆਂ ਰਜਿਸਟਰੀਆਂ ਸ਼ੁਰੂ ਨਾ ਕੀਤੀਆਂ ਗਈਆਂ ਤਾਂ ਵਕੀਲ ਭਾਈਚਾਰੇ ਵੱਲੋਂ ਪੰਜਾਬ ਵਿੱਚ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।