ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 26 ਅਕਤੂਬਰ
ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਮੁਹਾਲੀ ਸਣੇ ਪੰਜਾਬ ਭਰ ਵਿੱਚ ਪਟਾਕਿਆਂ ’ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਪਰਾਲੀ ਸਾੜਨ ’ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ ਜ਼ਮੀਨ ਨੂੰ ਰੈੱਡ ਲਾਈਨ ਐਂਟਰੀ ਵਿੱਚ ਪਾ ਰਹੀ ਹੈ, ਦੂਜੇ ਪਾਸੇ ਸਰਕਾਰ ਖ਼ੁਦ ਹੀ ਪ੍ਰਦੂਸ਼ਣ ਫੈਲਾਉਣ ਲਈ ਦੀਵਾਲੀ ਮੌਕੇ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਰਹੀ ਹੈ, ਜਿਸ ਨਾਲ ਸਰਕਾਰ ਦਾ ਦੋਗਲਾ ਚਿਹਰਾ ਨੰਗੇ ਚਿੱਟੇ ਰੂਪ ਵਿੱਚ ਸਾਹਮਣੇ ਆ ਗਿਆ ਹੈ।
ਅੱਜ ਇੱਥੇ ਸ੍ਰੀ ਮਾਨ ਨੇ ਕਿਹਾ ਕਿ ਦੀਵਾਲੀ ਸਣੇ ਹੋਰ ਵੱਖ-ਵੱਖ ਮੌਕਿਆਂ ’ਤੇ ਪਟਾਕੇ ’ਤੇ ਫ਼ਜ਼ੂਲ ਖ਼ਰਚੀ ਕਰਨ ਦੀ ਥਾਂ ਵਾਤਾਵਰਨ ਦਾ ਸੁਨੇਹਾ ਦੇਣ ਲਈ ਆਪਣੇ ਜਾਣਕਾਰਾਂ ਨੂੰ ਤੋਹਫ਼ੇ ਵਜੋਂ ਬੂਟੇ ਵੰਡੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਜਾਗਰੂਕ ਕਰਨਾ ਚਾਹੀਦਾ ਹੈ ਪ੍ਰੰਤੂ ਇਸ ਦੇ ਉਲਟਾ ਲੋਕਾਂ ਨੂੰ ਪਟਾਕੇ ਚਲਾਉਣ ਅਤੇ ਵੇਚਣ ਦੀ ਇਜਾਜ਼ਤ ਦੇ ਕੇ ਸਰਕਾਰ ਖ਼ੁਦ ਪ੍ਰਦੂਸ਼ਣ ਫੈਲਾਉਣ ਨੂੰ ਉਤਸ਼ਾਹਿਤ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੀ ‘ਆਪ’ ਦੀ ਸਰਕਾਰ ਹੈ ਜਿੱਥੇ ਅਦਾਲਤ ਵੱਲੋਂ ਪਟਾਕਿਆਂ ’ਤੇ ਪਾਬੰਦੀ ਲਗਾਈ ਗਈ ਹੈ ਤਾਂ ਪੰਜਾਬ ਵਿੱਚ ਵੱਖਰੇ ਕਾਨੂੰਨ ਕਿਉਂ? ਉਨ੍ਹਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਆਪਣੇ ਪੱਧਰ ’ਤੇ ਗੰਭੀਰ ਨੋਟਿਸ ਲੈ ਕੇ ਦੀਵਾਲੀ ਮੌਕੇ ਪੰਜਾਬ ਵਿੱਚ ਪਟਾਕਿਆਂ ਦੀ ਵਰਤੋਂ ਉੱਤੇ ਮੁਕੰਮਲ ਪਾਬੰਦੀ ਲਗਾਈ ਜਾਵੇ।