ਪੱਤਰ ਪ੍ਰੇਰਕ
ਚੰਡੀਗੜ੍ਹ, 15 ਜੁਲਾਈ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਅਜ਼ਾਦੀ ਘੁਲਾਟੀਆਂ ਦੇ ਬੁੱਤ ਲਗਾਉਣ ਦੀ ਮੰਗ ਉੱਠਣ ਲੱਗੀ ਹੈ, ਜਿਸ ਤਹਿਤ ਅੱਜ ਪੀਯੂ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਜਤਿੰਦਰ ਸਿੰਘ ਅਤੇ ਯੂਥ ਕਾਂਗਰਸ ਮੋਹਾਲੀ ਦੇ ਪ੍ਰਧਾਨ ਸ਼ੁਭਮ ਸਿੰਘ ਸੇਖੋਂ ਅਤੇ ਯੂਥ ਕਾਂਗਰਸ ਚੰਡੀਗੜ੍ਹ ਦੇ ਆਗੂ ਰਵੀ ਪ੍ਰਾਸ਼ਰ ਨੇ ਵਾਈਸ ਚਾਂਸਲਰ ਨੂੰ ਮਿਲ ਕੇ ਮੰਗ ਪੱਤਰ ਵੀ ਸੌਂਪਿਆ। ਆਗੂਆਂ ਨੇ ਮੰਗ ਪੱਤਰ ਵਿੱਚ ਮੰਗ ਕੀਤੀ ਕਿ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਬੁੱਤ ਲਗਾਏ ਜਾਣੇ ਚਾਹੀਦੇ ਹਨ। ਵਿਦਿਆਰਥੀਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਬੁੱਤ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦੀ ਨਿਰੰਤਰ ਯਾਦ ਦਿਵਾਉਣਗੇ ਅਤੇ ਵਿਦਿਆਰਥੀਆਂ ਨੂੰ ਏਕਤਾ, ਨਿਰਸਵਾਰਥਤਾ ਅਤੇ ਦੂਜਿਆਂ ਲਈ ਜਿਊਣ ਦੀਆਂ ਕਦਰਾਂ-ਕੀਮਤਾਂ ਦੀ ਨਕਲ ਕਰਨ ਲਈ ਪ੍ਰੇਰਿਤ ਕਰਨਗੇ। ਬੁੱਤਾਂ ਦੀ ਸਥਾਪਨਾ ਲਈ ਪ੍ਰਸਤਾਵਿਤ ਸਥਾਨਾਂ ਵਿੱਚ ਪ੍ਰਸ਼ਾਸਨ ਬਲਾਕ, ਵਿਦਿਆਰਥੀ ਕੇਂਦਰ, ਲਾਇਬ੍ਰੇਰੀ ਲਾਅਨ, ਪ੍ਰਵੇਸ਼ ਦੁਆਰ ਆਦਿ ਸ਼ਾਮਲ ਹਨ। ਇਨ੍ਹਾਂ ਬੁੱਤਾਂ ਦੀ ਸਥਾਪਨਾ ਨਾਲ ਵਿਦਿਆਰਥੀਆਂ ਵਿੱਚ ਦੇਸ਼ ਭਗਤੀ, ਹਿੰਮਤ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੋਵੇਗੀ।