ਆਤਿਸ਼ ਗੁਪਤਾ
ਚੰਡੀਗੜ੍ਹ, 15 ਅਪਰੈਲ
ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਲਾਲ ਡੋਰੇ ਤੋਂ ਬਾਹਰ ਹੋਈਆਂ ਨਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੱਜ ਐੱਸਡੀਐੱਮ (ਪੂਰਬੀ) ਰੁਚੀ ਸਿੰਘ ਬੇਦੀ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਨੇ ਮਨੀਮਾਜਰਾ ਦੇ ਸ਼ਾਸਤਰੀ ਨਗਰ ਵਿੱਚ ਚੈਕਿੰਗ ਕੀਤੀ। ਇਸ ਦੌਰਾਨ ਲਾਲ ਡੋਰੇ ਤੋਂ ਬਾਹਰ ਹੋਈਆਂ ਨਾਜਾਇਜ਼ ਉਸਾਰੀਆਂ ਢਾਹੀਆਂ ਗਈਆਂ। ਸ੍ਰੀ ਬੇਦੀ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਦੌਰਾਨ ਇਲਾਕੇ ਵਿੱਚ ਹੋਰਨਾਂ ਉਸਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤੋਂ ਬਾਅਦ ਯੂਟੀ ਦੇ ਸਮੂਹ ਐੱਸਡੀਐੱਮਜ਼ ਵੱਲੋਂ ਆਪੋ-ਆਪਣੇ ਇਲਾਕਿਆਂ ਵਿੱਚ ਲਾਲ ਡੋਰੇ ਤੋਂ ਬਾਹਰ ਦੀਆਂ ਨਾਜਾਇਜ਼ ਉਸਾਰੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਮਗਰੋਂ ਕਾਰਵਾਈ ਕਰਦਿਆਂ ਨਜ਼ਾਇਜ ਉਸਾਰੀਆਂ ਢਾਹੀਆਂ ਜਾਣਗੀਆਂ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੇ ਪਿਛਲੇ ਦਿਨੀ ਏਡੀਸੀ ਕੇਪੀਐੱਸ ਮਾਹੀ ਅਤੇ ਤਿੰਨਾਂ ਐੱਸਡੀਐੱਮ ਨਾਲ ਮੀਟਿੰਗ ਕਰਕੇ ਲਾਲ ਡੋਰੇ ਤੋਂ ਬਾਹਰ ਹੋਈ ਨਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸਨ ਜਿਸ ਲਈ ਸਮੂਹ ਐੱਸਡੀਐੱਮ ਨੇ ਟੀਮਾਂ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਯੂਟੀ ਦੀਆਂ ਰਾਜਨੀਤਕ ਪਾਰਟੀਆਂ ਲਾਲ ਡੋਰੇ ਤੋਂ ਬਾਹਰ ਬਣੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਯੂਟੀ ਦੇ ਪਿੰਡ ਨਗਰ ਨਿਗਮ ਅਧੀਨ ਆ ਚੁੱਕੇ ਹਨ। ਇਸ ਲਈ ਲਾਲ ਡੋਰੇ ਤੋਂ ਬਾਹਰ ਦੀਆਂ ਉਸਾਰੀਆਂ ਨੂੰ ਰੈਗੂਲਰ ਕੀਤਾ ਜਾਵੇ।