ਕੁਲਦੀਪ ਸਿੰਘ
ਚੰਡੀਗੜ੍ਹ, 23 ਜੂਨ
ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਦਿਆਰਥੀ ਪਰਿਸ਼ਦ ਨੇ ਅੱਜ ਯੂਨੀਵਰਸਿਟੀ ਦੇ ਸਟੂਡੈਂਟਸ ਸੈਂਟਰ ਅੱਗੇ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।
ਏਬੀਵੀਪੀ ਦੇ ਪੰਜਾਬ ਯੂਨੀਵਰਸਿਟੀ ਯੂਨਿਟ ਦੇ ਮੀਤ ਪ੍ਰਧਾਨ ਪਰਵਿੰਦਰ ਨੇਗੀ ਨੇ ਕਿਹਾ ਕਿ ਯੂਜੀਸੀ ਨੇ ਪੇਪਰ ਲੀਕ ਹੋਣ ਦੇ ਡਰੋਂ ‘ਨੀਟ’ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਪ੍ਰੀਖਿਆਵਾਂ ਨੂੰ ਲੈ ਕੇ ਪ੍ਰਭਾਵ ਪਾਉਣ ਲਈ ਪੈਦਾ ਹੋਏ ਸਿੱਖਿਆ ਮਾਫੀਆ ਨੂੰ ਨੱਥ ਪਾਉਣ ਦੀ ਲੋੜ ਹੈ। ਅਜਿਹੇ ਲੋਕਾਂ ਨੂੰ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਐੱਨਟੀਏ ਵੱਲੋਂ ਕਰਵਾਈ ਗਈ ‘ਨੀਟ-ਯੂਜੀ’ ਪ੍ਰੀਖਿਆ ਵਿੱਚ ਸਾਹਮਣੇ ਆਉਣ ਵਾਲੀਆਂ ਬੇਨਿਯਮੀਆਂ ਨੇ ਐੱਨਟੀਏ ’ਤੇ ਕਈ ਸਵਾਲੀਆ ਚਿੰਨ੍ਹ ਖੜ੍ਹ ਕਰ ਦਿੱਤੇ ਹਨ। ਹੁਣ ‘ਨੀਟ’ ਪ੍ਰੀਖਿਆ ਨੂੰ ਰੱਦ ਕਰਨਾ ਗੰਭੀਰ ਮਾਮਲਾ ਹੈ। ਇਹ ਸਿੱਧੇ ਤੌਰ ’ਤੇ ਵਿਦਿਆਰਥੀਆਂ ਦੇ ਹਿੱਤਾਂ ਅਤੇ ਭਵਿੱਖ ਨਾਲ ਖੇਡ ਰਿਹਾ ਹੈ। ਉਨ੍ਹਾਂ ਦੋਵਾਂ ਪ੍ਰੀਖਿਆਵਾਂ ਵਿੱਚ ਸਾਹਮਣੇ ਆਈਆਂ ਬੇਨਿਯਮੀਆਂ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ।
ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਸਰਕਾਰ: ਸ਼ੈਲਜਾ
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਤੇ ਹਰਿਆਣਾ ਕਾਂਗਰਸ ਦੀ ਸਾਬਕਾ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸਰਕਾਰ ਵਾਰ-ਵਾਰ ਪ੍ਰੀਖਿਆਵਾਂ ਰੱਦ ਕਰ ਕੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਨੂੰ ਮਾਨਸਿਕ, ਸਰੀਰਕ ਅਤੇ ਆਰਥਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸਰਕਾਰ ਆਪਣੀਆਂ ਗਲਤੀਆਂ ਲੁਕਾਉਣ ਦੀ ਥਾਂ ਇੱਕ ਤੋਂ ਬਾਅਦ ਇੱਕ ਗਲਤੀਆਂ ਕਰ ਰਹੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਉਮੀਦਵਾਰਾਂ ਦੇ ਹੱਕ ਵਿੱਚ ਕੋਈ ਠੋਸ ਕਦਮ ਚੁੱਕ ਕੇ ਉਨ੍ਹਾਂ ਨਾਲ ਇਨਸਾਫ਼ ਕਰੇ। ਉਨ੍ਹਾਂ ਕਿਹਾ ਕਿ ਉਹ ਇਨਸਾਫ਼ ਦੀ ਲੜਾਈ ਵਿੱਚ ਉਮੀਦਵਾਰਾਂ ਦੇ ਨਾਲ ਖੜ੍ਹੇ ਹਨ।