ਕਰਮਜੀਤ ਸਿੰਘ ਚਿੱਲਾ
ਐੱਸਏਐੱਸ ਨਗਰ(ਮੁਹਾਲੀ), 27 ਜੁਲਾਈ
ਰੂਰਲ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਦੀ ਅਗਵਾਈ ਹੇਠ ਪੰਚਾਇਤ ਵਿਭਾਗ ਅਧੀਨ ਚੱਲਦੀਆਂ ਪੇਂਡੂ ਡਿਸਪੈਂਸਰੀਆਂ ਦੇ ਫ਼ਾਰਮਾਸਿਸਟਾਂ ਤੇ ਦਰਜਾ ਚਾਰ ਕਰਮਚਾਰੀਆਂ ਨੇ ਪੰਚਾਇਤ ਵਿਭਾਗ ਦੇ ਫ਼ੇਜ਼ ਅੱਠ ਵਿਚਲੇ ਮੁੱਖ ਦਫ਼ਤਰ ਵਿਕਾਸ ਭਵਨ ਦੇ ਬਾਹਰ ਧਰਨਾ ਦਿੱਤਾ। ਇਸ ਮੌਕੇ ਫ਼ਾਰਮਾਸਿਸਟਾਂ ਤੇ ਦਰਜਾ ਚਾਰ ਕਰਮਚਾਰੀ ਸੰਘਰਸ਼ ਦੇ 38ਵੇਂ ਦਿਨ ਭੁੱਖ ਹੜਤਾਲ ’ਤੇ ਬੈਠੇ। ਕਰਮਚਾਰੀਆਂ ਨੇ ਪੰਜਾਬ ਸਰਕਾਰ ਤੇ ਪੰਚਾਇਤ ਮੰਤਰੀ ਤੇ ਅਧਿਕਾਰੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਨੇ ਪੇਂਡੂ ਡਿਸਪੈਂਸਰੀਆਂ ਵਿੱਚ ਫ਼ਰੰਟ ਲਾਈਨ ’ਤੇ ਕੰਮ ਕਰਦੇ ਫ਼ਾਰਮੇਸੀ ਅਫ਼ਸਰਾਂ ਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦੇਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਨ ਤੇ ਪਿਛਲੇ 14 ਸਾਲਾਂ ਤੋਂ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਤੇ ਮਾਮੂਲੀ ਦਰਾਂ ਉੱਤੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ਉੱਤੇ ਪਟਿਆਲਾ ਵਿਚ ਸੂਬਾਈ ਪੱਧਰ ਉੱਤੇ ਰੋਜ਼ਾਨਾ ਧਰਨੇ ਤੇ ਭੁੱਖ ਹੜਤਾਲ ਰੱਖੀ ਜਾ ਰਹੀ ਹੈ। ਜ਼ਿਲ੍ਹਾ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਪੱਕਾ ਨਾ ਕੀਤਾ ਗਿਆ ਤਾਂ ਐਸੋਸੀਏਸ਼ਨ ਦੇ ਸੂਬਾ ਪੱਧਰ ਉੱਤੇ ਕੀਤੇ ਫੈਸਲੇ ਅਨੁਸਾਰ 31 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਕਾਦੀਆਂ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਆਰ/ਪਾਰ ਦੀ ਲੜਾਈ ਆਰੰਭ ਕੀਤੀ ਜਾਵੇਗੀ ਤੇ ਮਰਨ ਵਰਤ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੰਮ ਦਾ ਬਾਈਕਾਟ ਜਾਰੀ ਰਹੇਗਾ ਤੇ ਜ਼ਿਲ੍ਹਾ ਪੱਧਰ ਉੱਤੇ ਰੋਜ਼ਾਨਾ ਪੰਜ ਮੁਲਾਜ਼ਮ ਧਰਨਿਆਂ ਤੇ ਭੁੱਖ ਹੜਤਾਲ ’ਤੇ ਬੈਠਣਗੇ।