ਕੁਲਦੀਪ ਸਿੰਘ
ਚੰਡੀਗੜ੍ਹ, 18 ਸਤੰਬਰ
ਪੰਜਾਬ ਦੇ ਜ਼ਿਲ੍ਹਾ ਮੁਹਾਲੀ ਦੇ ਪਿੰਡ ਘੜੂੰਆਂ ਸਥਿਤ ਪ੍ਰਾਈਵੇਟ ਯੂਨੀਵਰਸਿਟੀ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਵਿੱਚ ਪਿਛਲੇ ਦਿਨੀਂ ਇੱਕ ਵਿਦਿਆਰਥਣ ਵੱਲੋਂ ਆਪਣੇ ਹੀ ਹੋਸਟਲ ਦੀਆਂ ਸਾਥੀ ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਵਾਇਰਲ ਕਰਨ ਦੀ ਘਟਨਾ ਦਾ ਭਾਜਪਾ ਦੇ ਵਿਦਿਆਰਥੀ ਵਿੰਗ ਏ.ਬੀ.ਵੀ.ਪੀ. ਵੱਲੋਂ ਵਿਰੋਧ ਕੀਤਾ ਗਿਆ ਹੈ। ਇਸੇ ਵਿਰੋਧ ਦੇ ਚਲਦਿਆਂ ਏ.ਬੀ.ਵੀ.ਪੀ. ਦੇ ਕਾਰਕੁਨਾਂ ਵੱਲੋਂ ਸੈਕਟਰ 17 ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
ਰੋਸ ਪ੍ਰਦਰਸ਼ਨ ਰਾਹੀਂ ਵਿਦਿਆਰਥੀ ਕਾਰਕੁਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਪ੍ਰਾਈਵੇਟ ਚੰਡੀਗੜ੍ਹ ਯੂਨੀਵਰਸਿਟੀ ਦੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਏ.ਬੀ.ਵੀ.ਪੀ. ਦੇ ਜ਼ਿਲ੍ਹਾ ਕਨਵੀਨਰ ਸੁਖਰਾਜ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਕਤ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਇਹ ਕਾਰਾ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਅਤੇ ਵਿੱਦਿਅਕ ਅਦਾਰਿਆਂ ’ਤੇ ਕਲੰਕ ਹੈ। ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਪੀੜਤ ਵਿਦਿਆਰਥਣਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ।
ਇਸ ਦੇ ਨਾਲ ਹੀ ਵਿਦਿਆਰਥੀ ਪ੍ਰੀਸ਼ਦ ਇਹ ਵੀ ਮੰਗ ਕਰਦੀ ਹੈ ਕਿ ਪ੍ਰਸ਼ਾਸਨ ਨੂੰ ਇਸ ਘਟਨਾ ਦੀ ਨਿਰਪੱਖ ਜਾਂਚ ਕਰਨੀ ਚਾਹੀਦੀ ਹੈ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਾਰੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
‘ਸੱਥ’ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਰੁੱਧ ਰੋਸ ਮਾਰਚ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਹੋਣ ਉਪਰੰਤ ਵਾਪਰੀ ਘਟਨਾ ਦੇ ਵਿਰੋਧ ਵਿੱਚ ਪੰਜਾਬ ਯੂਨੀਵਰਸਿਟੀ ਵਿਖੇ ਵੀ ਵਿਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਅੱਜ ਇੱਥੇ ਦੇਰ ਸ਼ਾਮ ਪੈਦਲ ਰੋਸ ਮਾਰਚ ਕੀਤਾ ਗਿਆ। ਗਰਲਜ਼ ਹੋਸਟਲ ਨੰਬਰ 3 ਤੋਂ ਵਿਦਿਆਰਥੀ ਕੇਂਦਰ ਤੱਕ ਕੱਢੇ ਗਏ ਰੋਸ ਮਾਰਚ ਵਿੱਚ ‘ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ’ ਦੀ ਮੈਨੇਜਮੈਂਟ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਵਿਦਿਆਰਥੀ ਆਗੂ ਸੁਖਵਿੰਦਰ ਸਿੰਘ, ਹਰਮਨ ਅਤੇ ਹੋਰਨਾਂ ਨੇ ਹੱਥਾਂ ਵਿੱਚ ਫੜੇ ਪੋਸਟਰਾਂ ਰਾਹੀਂ ਮੰਗ ਕੀਤੀ ਕਿ ਕੋਈ ਵੀ ਪ੍ਰਾਈਵੇਟ ਯੂਨੀਵਰਸਿਟੀ ਆਪਣੇ ਬਰਾਂਡ ਦੀ ਬਦਨਾਮੀ ਹੋਣ ਦੇ ਡਰੋਂ ਵਿਦਿਆਰਥਣਾਂ ਦੀ ਇੱਜ਼ਤ ਨਾਲ ਖਿਲਵਾੜ ਨਾ ਕਰੇ।
‘ਮੇਰੇ ਸ਼ਹਿਰ’ ਦਾ ਨਾਮ ਖਰਾਬ ਹੋ ਰਿਹੈ: ਕਿਰਨ ਖੇਰ
ਚੰਡੀਗੜ੍ਹ (ਟਨਸ): ਚੰਡੀਗੜ੍ਹ ਯੂਨੀਵਰਸਿਟੀ ਦੇ ਕੈਂਪਸ ਵਿੱਚ ਲੜਕੀਆਂ ਦੀ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਦੇ ਮਾਮਲੇ ਵਿੱਚ ਰਾਜਧਾਨੀ ਚੰਡੀਗੜ੍ਹ ਦਾ ਨਾਮ ਸਾਹਮਣੇ ਆਉਣ ’ਤੇ ਚਿੰਤਾ ਜ਼ਾਹਿਰ ਕੀਤੀ ਹੈ। ਸ੍ਰੀਮਤੀ ਖੇਰ ਨੇ ਟਵੀਟ ਕਰਕੇ ਕਿਹਾ ਕਿ ਇਸ ਘਟਨਾ ਨੇ ਸਾਰਿਆਂ ਦੇ ਦਿਲਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪਰ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਕਰਕੇ ‘ਮੇਰੇ ਸ਼ਹਿਰ’ ਦਾ ਨਾਮ ਖਰਾਬ ਹੋ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤੀ ਕਿ ਚੰਡੀਗੜ੍ਹ ਯੂਨੀਵਰਸਿਟੀ ਨਾਲ ਚੰਡੀਗੜ੍ਹ ਦਾ ਕੋਈ ਸਬੰਧ ਨਹੀਂ ਹੈ। ਇਹ ਯੂਨੀਵਰਸਿਟੀ ਪੰਜਾਬ ਦੇ ਖਰੜ ਵਿੱਚ ਸਥਿਤ ਹੈ। ਇਸ ਨਾਲ ਹੀ ਸੰਸਦ ਮੈਂਬਰ ਨੇ ਪੀੜਤ ਲੜਕੀਆਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹੌਸਲਾ ਰੱਖਣ ਦੀ ਅਪੀਲ ਵੀ ਕੀਤੀ।
ਪੀਐੱਸਯੂ ਵਲੋਂ ਅੱਜ ਪੰਜਾਬ ਭਰ ਵਿੱਚ ਧਰਨਿਆਂ ਦਾ ਐਲਾਨ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਸਟੂਡੈਂਟਸ ਯੂਨੀਅਨ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਲੜਕੀਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਵਾਲੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਦੀ ਨਿਖੇਧੀ ਕੀਤੀ। ਯੂਨੀਅਨ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਖਿਲਾਫ਼ ਯੂਨੀਅਨ ਕੱਲ 19 ਸਤੰਬਰ ਨੂੰ ਪੰਜਾਬ ਭਰ ਦੀਆਂ ਵਿਦਿਅਕ ਸੰਸਥਾਵਾਂ ’ਚ ਪ੍ਰਦਰਸ਼ਨ ਕਰਨ ਦਾ ਸੱਦਾ ਦਿਤਾ ਹੈ। ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਰੰਧਾਵਾ ਜਨਰਲ ਸਕੱਤਰ ਅਮਨਦੀਪ ਸਿੰਘ ਅਤੇ ਪ੍ਰੈਸ ਸਕੱਤਰ ਮੰਗਲਜੀਤ ਪੰਡੋਰੀ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਪ੍ਰਸ਼ਾਸਨ ਵਲੋਂ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਲਈ ਹੋਸਟਲਾਂ ਨੂੰ ਤਾਲੇ ਲਗਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਇਸ ਸੰਘਰਸ਼ ’ਚ ਸ਼ਾਮਲ ਨਾ ਹੋ ਸਕਣ। ਉਨ੍ਹਾਂ ਕਿਹਾ ਕਿ ਇਹ ਮਸਲਾ ਬਹੁਤ ਗੰਭੀਰ ਹੈ ਕਿ ਪੀੜਤ ਵਿਦਿਆਰਥਣਾਂ ਵਲੋਂ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਯੂਨੀਅਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਦਬਾਉਣ ਦੀ ਬਜਾਏ ਤਹਿ ਤੱਕ ਜਾਵੇ ਅਤੇ ਪੀੜਿਤ ਵਿਦਿਆਰਥੀਆਂ ਨੂੰ ਇਨਸਾਫ ਦੇਣ। ਇਸ ਮਾਮਲੇ ਨੂੰ ਠੰਡਾ ਕਰਨ ਲਈ ਜ਼ਿੰਮੇਵਾਰ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਵਿਦਿਆਰਥੀਆਂ ਤੇ ਲਾਠੀਚਾਰਜ ਕਰਨ ਵਾਲਾ ਮੁਹਾਲੀ ਪੁਲੀਸ ਪ੍ਰਸ਼ਾਸਨ ਤੇ ਸਖਤ ਕਾਰਵਾਈ ਕੀਤੀ ਜਾਵੇ। ਇਸੇ ਦੌਰਾਨ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਵੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਜਥੇਬੰਦੀ ਦੇ ਆਗੂ ਅਮਨ ਨੇ ਕਿਹਾ ਕਿ ਵਿਦਿਆਰਥਣਾਂ ਵੱਲੋਂ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼ ਉਪਰੰਤ ਪੂਰੀ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀ ਸੜਕ ਉਤੇ ਉਤਰੇ ਤਾਂ ਮੈਨੇਜਮੈਂਟ ਨੇ ਪੁਲਸੀਆ ਦਬਾਅ ਪਾ ਕੇ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵਿਦਿਆਰਥਣਾਂ ਦੀ ਇਨਸਾਫ਼ ਦੀ ਲੜਾਈ ਵਿੱਚ ਨਾਲ ਖੜ੍ਹੀ ਹੈ। ਮੈਨੇਜਮੈਂਟ ਅਤੇ ਪੁਲੀਸ ਤੋਂ ਇਸ ਮਾਮਲੇ ਵਿੱਚ ਗੰਭੀਰਤਾ ਨਾਲ ਪੈਰਵਾਈ ਦੀ ਮੰਗ ਕਰਦੀ ਹੈ।
ਵਿਦਿਆਰਥੀ ਜਥੇਬੰਦੀ ਸੱਥ ਦੇ ਕਾਰਕੁਨ ਚੰਡੀਗੜ੍ਹ ਯੂਨੀਵਰਸਿਟੀ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ।