ਪੱਤਰ ਪ੍ਰੇਰਕ
ਚੰਡੀਗੜ੍ਹ, 26 ਨਵੰਬਰ
ਦੇਸ਼ ਵਿਆਪੀ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮੌਕੇ ਅੱਜ ਜਿੱਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਬਾਰੇ ਐਲਾਨਾਂ ਨੂੰ ਜਿੱਤ ਦੀ ਖ਼ੁਸ਼ੀ ਵਿੱਚ ਬਦਲਿਆ ਗਿਆ, ਉਥੇ ਹੀ ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਵਿਦਿਆਰਥੀਆਂ ਵੱਲੋਂ ਵੀ ਇਸੇ ਸੰਘਰਸ਼ ਦੀ ਤਰਜ਼ ’ਤੇ ਆਪਣੀਆਂ ਮੰਗਾਂ ਬਾਰੇ ਜੰਗ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ’ਵਰਸਿਟੀ ਵਿੱਚ ਆਫਲਾਈਨ ਕਲਾਸਾਂ ਸ਼ੁਰੂ ਕਰਵਾਉਣ ਲਈ ਐੱਸਐੱਫਐੱਸ ਅਤੇ ਐਸਓਆਈ ਵੱਲੋਂ ਉਪ-ਕੁਲਪਤੀ ਦਫ਼ਤਰ ਅੱਗੇ ਵੱਖੋ-ਵੱਖਰੇ ਪ੍ਰਦਰਸ਼ਨ ਕੀਤੇ ਗਏ। ਇਨ੍ਹਾਂ ਵਿੱਚ ਸ਼ਾਮਿਲ ਵਿਦਿਆਰਥੀਆਂ ਨੇ ਪੀਯੂ ਅਥਾਰਿਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਅਧਿਕਾਰੀਆਂ ਨੂੰ ਉਪ-ਕੁਲਪਤੀ ਦੇ ਨਾਂ ਮੰਗ ਪੱਤਰ ਵੀ ਭੇਜੇ ਗਏ।
ਵਿਦਿਆਰਥੀ ਜਥੇਬੰਦੀ ਐੱਸਐੱਫਐੱਸ ਵੱਲੋਂ ਉਪ-ਕੁਲਪਤੀ ਦਫ਼ਤਰ ਅੱਗੇ ਕੀਤੇ ਪ੍ਰਦਰਸ਼ਨ ਵਿੱਚ ਅਥਾਰਿਟੀ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਪੀਯੂ ਵਿੱਚ ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਅਕਾਦਮਿਕ ਮਾਹੌਲ ਬਹਾਲ ਕਰਨ ਦੀ ਮੰਗ ਕੀਤੀ ਗਈ। ਵਿਦਿਆਰਥੀ ਆਗੂ ਗਗਨ ਨੇ ਕਿਹਾ ਕਿ ਜਥੇਬੰਦੀ ਵੱਲੋਂ ਕਈ ਵਾਰ ਅਥਾਰਿਟੀ ਨੂੰ ਮੰਗ ਪੱਤਰ ਦਿੱਤੇ ਗਏ ਹਨ ਅਤੇ ਪ੍ਰਦਰਸ਼ਨਾਂ ਰਾਹੀਂ ਵੀ ਧਿਆਨ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਅਥਾਰਿਟੀ ਦਾ ਰਵੱਈਆ ਨਾਂ-ਪੱਖੀ ਹੈ। ਉਨ੍ਹਾਂ ਦੇਸ਼ ਵਿਆਪੀ ਕਿਸਾਨ ਅੰਦੋਲਨ ਦੀ ਉਦਾਹਰਨ ਦਿੰਦਿਆਂ ਪੀਯੂ ਅਥਾਰਿਟੀ ਨੂੰ ਚਿਤਾਵਨੀ ਦਿੱਤੀ ਕਿ ਦੇਸ਼ ਵਿੱਚ ਤਾਨਾਸ਼ਾਹੀ ਚਲਾਉਣ ਵਾਲੀ ਮੋਦੀ ਸਰਕਾਰ ਨੂੰ ਇਸ ਅੰਦੋਲਨ ਅੱਗੇ ਝੁਕਣਾ ਪਿਆ ਅਤੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਹੈ। ਠੀਕ ਉਸੇ ਤਰਜ਼ ’ਤੇ ਵਿਦਿਆਰਥੀ ਜਮਾਤ ਵੀ ਆਪਣੇ ਸੰਘਰਸ਼ ਨੂੰ ਲੰਬਾ ਖਿੱਚਣਾ ਜਾਣਦੀ ਹੈ। ਇਸ ਲਈ ਅਥਾਰਿਟੀ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾ ਕੇ ਆਫ਼ਲਾਈਨ ਪ੍ਰੀਖਿਆਵਾਂ ਕਰਵਾਉਣ ਵਰਗੇ ਦੋਹਰੇ ਮਾਪਦੰਡ ਅਪਣਾਉਣੇ ਤੁਰੰਤ ਬੰਦ ਕਰੇ।
ਐਸਓਆਈ ਦੇ ਪ੍ਰਧਾਨ ਮਨਜੋਧ ਸਿੰਘ ਪੱਡਾ ਦੀ ਅਗਵਾਈ ਹੇਠ ਕੀਤੇ ਪ੍ਰਦਰਸ਼ਨ ਵਿੱਚ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਪੀਯੂ ਵਿੱਚ ਜਦੋਂ ਆਨਲਾਈਨ ਕਲਾਸਾਂ ਲਗਾਈਆਂ ਗਈਆਂ ਹਨ ਤਾਂ ਫਿਰ ਪ੍ਰੀਖਿਆਵਾਂ ਹੀ ਆਨਲਾਈਨ ਲਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਆਫ਼ਲਾਈਨ ਕਲਾਸਾਂ ਤੋਂ ਬਗੈਰ ਆਫ਼ਲਾਈਨ ਪ੍ਰੀਖਿਆਵਾਂ ਹਰਗਿਜ਼ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਮੌਕੇ ਉਤੇ ਵਿਦਿਆਰਥੀਆਂ ਤੋਂ ਮੰਗ ਪੱਤਰ ਲੈਣ ਪਹੁੰਚੇ ਵਾਰਡਨ ਅਤੇ ਹੋਰਨਾਂ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਪੀਯੂ ਅਥਾਰਿਟੀ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਬਾਰੇ ਵਿਚਾਰ ਕਰ ਰਹੀ ਹੈ।