ਹਰਜੀਤ ਸਿੰਘ
ਜ਼ੀਰਕਪੁਰ, 8 ਸਤੰਬਰ
ਇੱਥੋਂ ਦੇ ਢਕੌਲੀ ਖੇਤਰ ਵਿੱਚ ਸਥਿਤ ਵੱਖ-ਵੱਖ ਸੁਸਾਇਟੀਆਂ ਦੇ ਵਸਨੀਕਾਂ ਵੱਲੋਂ ਗੁਰੂ ਗੋਬਿੰਦ ਸਿੰਘ ਨਗਰ ਸੁਸਾਇਟੀ ਦੀ ਸੜਕ ਦੀ ਮੁਰੰਮਤ ਨਾ ਹੋਣ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਮੁਜ਼ਹਰਾਕਾਰੀਆਂ ਵਿੱਚ ਸਪੈਂਗਲ ਹਾਈਟਸ, ਨਿਊ ਜੈਨਰੇਸ਼ਨ ਅਪਾਰਟਮੈਂਟ ਐਕਸਟੈਨਸ਼ਨ, ਹਰਮੀਟੇਜ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਨਗਰ ਦੇ ਵਸਨੀਕ ਸ਼ਾਮਲ ਹੋਏ।
ਮੁਜ਼ਾਹਰਾਕਾਰੀਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਆਪਣੀ ਸੁਸਾਇਟੀ ਵਿੱਚ ਜਾਣ ਲਈ ਗੁਰੂ ਗੋਬਿੰਦ ਸਿੰਘ ਨਗਰ ਦੀ ਸੜਕ ਤੋਂ ਹੋ ਕੇ ਲੰਘਣਾ ਪੈਂਦਾ ਹੈ। ਪਰ ਨਗਰ ਕੌਂਸਲ ਵੱਲੋਂ ਇਸ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਖ਼ੁਦਾਈ ਕੀਤੀ ਹੋਈ ਹੈ। ਠੇਕੇਦਾਰ ਵੱਲੋਂ ਆਪਣਾ ਕੰਮ ਕਾਫੀ ਢਿੱਲੀ ਰਫ਼ਤਾਰ ਨਾਲ ਕੀਤਾ ਜਾ ਰਿਹਾ ਹੈ। ਲੰਘੇ ਤਿੰਨ ਮਹੀਨਿਆਂ ਤੋਂ ਸੜਕ ਦੀ ਖ਼ੁਦਾਈ ਕੀਤੀ ਹੋਈ ਹੈ ਜਿਸ ਕਾਰਨ ਇੱਥੋਂ ਲੰਘਣਾ ਮੁਸ਼ਕਲ ਹੋਇਆ ਪਿਆ ਹੈ। ਮੀਂਹ ਦੇ ਮੌਸਮ ਵਿੱਚ ਇੱਥੇ ਚਿੱਕੜ ਬਣ ਜਾਂਦਾ ਹੈ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੁਸਾਇਟੀਆਂ ਦੀਆਂ ਮੁੱਖ ਸੜਕਾਂ ’ਤੇ ਪਾਣੀ ਭਰ ਰਿਹਾ ਹੈ। ਲੋਕਾਂ ਨੂੰ ਪ੍ਰੇਸ਼ਾਨੀ ਦਾ ਕੋਈ ਵੀ ਅਧਿਕਾਰੀ ਸਾਰ ਨਹੀਂ ਲੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਛੇਤੀ ਇਸ ਸੜਕ ਦੀ ਉਸਾਰੀ ਕਰਵਾਈ ਜਾਵੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇ ਛੇਤੀ ਸੜਕ ਦਾ ਕੰਮ ਪੂਰਾ ਨਹੀਂ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।