ਡਾ. ਹਿਮਾਂਸ਼ੂ ਸੂਦ/ਅਜੈ ਮਲਹੋਤਰਾ
ਫ਼ਤਹਿਗੜ੍ਹ ਸਾਹਿਬ, 27 ਮਾਰਚ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਅੱਠਵੇਂ ਪੜਾਅ ਵੱਲ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਹੋਇਆ। ਇਸ ਮੌਕੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਅਤੇ ਸਤਿਕਾਰ ਪ੍ਰਤੀ ਸਲਾਮੀ ਵੀ ਦਿੱਤੀ ਗਈ। ਇਹ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ਰਾਮ ਲਈ ਠਹਿਰਿਆ ਸੀ।
ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਅੱਠਵੇਂ ਪੜਾਅ ਵੱਲ ਰਵਾਨਾ ਹੋਇਆ ਨਗਰ ਕੀਰਤਨ ਮਾਧੋਪੁਰ ਚੌਕ ਵੱਖ-ਵੱਖ ਪਿੰਡਾਂ ’ਚ ਹੁੰਦਾ ਹੋਇਆ ਪਟਿਆਲਾ ’ਚ ਪ੍ਰਵੇਸ਼ ਕਰੇਗਾ। ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਦਾ ਮੰਤਵ ਸੰਗਤ ਨੂੰ ਸ਼ਬਦ ਗੁਰੂ ਨਾਲ ਜੋੜਨਾ ਹੈ।