ਕਰਮਜੀਤ ਸਿੰਘ ਚਿੱਲਾ
ਐੱਸ.ਏ.ਐੱਸ. ਨਗਰ (ਮੁਹਾਲੀ), 17 ਅਕਤੂਬਰ
ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ‘ਆਪ’ ਸਰਕਾਰ ਦਾ ਵਿਕਾਸ ਅਤੇ ਹੋਰ ਦਾਅਵੇ ਸਿਰਫ਼ ਇਸ਼ਤਿਹਾਰਾਂ ਅਤੇ ਹੋਰਡਿੰਗਾਂ ਉੱਤੇ ਹੀ ਨਜ਼ਰ ਆ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਉੱਤੇ ਜਿਹੜੇ ਵਿਕਾਸ ਦੀ ਝਲਕ ਨਜ਼ਰ ਆਉਣੀ ਚਾਹੀਦੀ ਹੈ, ਉਹ ਕਿੱਧਰੇ ਵੀ ਨਹੀਂ ਦਿਸ ਰਹੀ। ਸ੍ਰੀ ਤਿਵਾੜੀ ਅੱਜ ਪਿੰਡ ਧਰਮਗੜ੍ਹ, ਅਲੀਪੁਰ ਅਤੇ ਬਾਕਰਪੁਰ ਵਿੱਚ ਪਿੰਡਾਂ ਦੇ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਦੀ ਤਰਜੀਹ ਹੈ। ਇਸ ਤਹਿਤ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਦੀਆਂ ਕਮੀਆਂ ਨੂੰ ਦੂਰ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪਿੰਡਾਂ ਵਿੱਚ ਚੱਲਦੇ ਵਿਕਾਸ ਕੰਮਾਂ ਸਬੰਧੀ ਪੰਚਾਇਤਾਂ ਤੋਂ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੀ ਗਰਾਂਟ ਦੇਣ ਦਾ ਵੀ ਭਰੋਸਾ ਦਿਵਾਇਆ।
ਇਸ ਮੌਕੇ ਯੂਥ ਕਾਂਗਰਸ ਦੇ ਸੂਬਾਈ ਆਗੂ ਮਨਜੋਤ ਸਿੰਘ ਮੁਹਾਲੀ, ਪਰਮਜੀਤ ਸਿੰਘ ਬਰਾੜ ਸਰਪੰਚ, ਰਾਜਿੰਦਰ ਸਿੰਘ ਧਰਮਗੜ੍ਹ, ਗੁਰਵਿੰਦਰ ਸਿੰਘ ਸਰਪੰਚ, ਨਾਇਬ ਸਿੰਘ ਚੌਕੀਦਾਰ, ਕਰਮ ਸਿੰਘ, ਪੁਸਪਿੰਦਰ ਸਿੰਘ ਪੰਚ, ਮੋਹਨ ਸਿੰਘ, ਸੁਖਪ੍ਰੀਤ ਸਿੰਘ, ਗੁਰਦੇਵ ਸਿੰਘ ਭੁੱਲਰ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਗਿੱਲ ਐਮਸੀ ਮੁਹਾਲੀ, ਚਰਨਜੀਤ ਸਿੰਘ ਸਰਪੰਚ, ਜਸਪਾਲ ਸਿੰਘ ਸਾਬਕਾ ਸਰਪੰਚ, ਜਸਵੀਰ ਸਿੰਘ ਸਾਬਕਾ ਸਰਪੰਚ ਆਦਿ ਵੱਡੀ ਗਿਣਤੀ ਲੋਕ ਹਾਜ਼ਰ ਸਨ।