ਮਿਹਰ ਸਿੰਘ
ਕੁਰਾਲੀ, 24 ਅਕਤੂਬਰ
ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਖਰੀਦ ਦੀ ਵਚਨਬੱਧਤਾ ਅਤੇ ਕਾਨੂੰਨ ਵਿਵਸਥਾ ਪ੍ਰਤੀ ਵਿਸ਼ਵਾਸ਼ ਬਣਾਈ ਰੱਖਣ ਦੇ ਮੰਤਵ ਨਾਲ ਡੀਆਈਜੀ ਰੂਪਨਗਰ ਰੇਂਜ ਨੀਲਾਂਬਰੀ ਜਗਦਲੇ ਨੇ ਅੱਜ ਜ਼ਿਲ੍ਹਾ ਪੁਲੀਸ ਮੁਖੀ ਅਤੇ ਹੋਰਨਾਂ ਅਧਿਕਾਰੀਆਂ ਸਣੇ ਕੁਰਾਲੀ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਖ਼ਰੀਦ ਸਬੰਧੀ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡੀਆਈਜੀ ਨਾਲ ਐੱਸਡੀਐੱਮ ਗੁਰਮੰਦਰ ਸਿੰਘ, ਡੀਐੱਸਪੀ ਕਰਨ ਸਿੰਘ ਸੰਧੂ ਤੇ ਹੋਰਨਾਂ ਅਧਿਕਾਰੀਆਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਸ੍ਰੀਮਤੀ ਜਗਦਲੇ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੇ ਖੇਤਰ ਅਧੀਨ ਆਉਂਦੀਆਂ ਮੰਡੀਆਂ ਦੀ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ। ਐੱਸਡੀਐੱਮ ਗੁਰਮੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਲਿਫਟਿੰਗ ਲਈ ਰਿਲੀਜ਼ ਆਰਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਡੀਆਈਜੀ ਜਗਦਲੇ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਮੰਡੀਆਂ ਵਿੱਚ ਅਮਨ-ਕਾਨੂੰਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਹੈ। ਇਸ ਮੌਕੇ ਮਨਜੀਤ ਸਿੰਘ ਸਿੰਘਪੁਰਾ, ਕੁਲਵੀਰ ਸਿੰਘ ਕਾਲੇਵਾਲ ਅਤੇ ਹੋਰ ਹਾਜ਼ਰ ਸਨ।