ਕੁਲਦੀਪ ਸਿੰਘ
ਚੰਡੀਗੜ੍ਹ, 17 ਸਤੰਬਰ
ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੀ ਮੀਟਿੰਗ ਇੱਥੇ ਪਿੰਡ ਪਲਸੌਰਾ ਵਿੱਚ ਪ੍ਰਧਾਨ ਨੰਬਰਦਾਰ ਦਲਜੀਤ ਸਿੰਘ ਦੀ ਅਗਵਾਈ ਹੇਠ ਹੋਈ। ਇਸ ਵਿੱਚ ਪਿੰਡਾਂ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਦਲਜੀਤ ਸਿੰਘ ਪਲਸੌਰਾ, ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਜੋਗਿੰਦਰ ਸਿੰਘ ਬੁੜੈਲ, ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ, ਗੁਰਦੇਵ ਸਿੰਘ ਪਲਸੌਰਾ, ਕਰਨੈਲ ਸਿੰਘ ਮਨੀਮਾਜਰਾ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਚੰਡੀਗੜ੍ਹ ਵਿੱਚ ਸੰਸਦ ਮੈਂਬਰ ਤੇ ਨਗਰ ਨਿਗਮ ’ਤੇ ਭਾਜਪਾ ਦਾ ਕਬਜ਼ਾ ਹੋਣ ਕਰ ਕੇ ਪਿੰਡਾਂ ਦੇ ਲੋਕਾਂ ਨਾਲ ਧੱਕੇਸ਼ਾਹੀਆਂ ਹੋਈਆਂ ਹਨ।
ਅਹੁਦੇਦਾਰਾਂ ਨੇ ਕਿਹਾ ਕਿ ਪਿੰਡਾਂ ਵਿੱਚ ਲਾਲ ਲਕੀਰ ਤੋਂ ਬਾਹਰ ਰਹਿ ਰਹੇ ਲੋਕਾਂ ਨੂੰ ਬਿਜਲੀ ਪਾਣੀ ਦੇ ਕੁਨੈਕਸ਼ਨ ਨਹੀਂ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਰਾਜ ਕਰ ਚੁੱਕੀ ਭਾਜਪਾ ਸਰਕਾਰ ਨੇ ਪਿੰਡਾਂ ਦੇ ਲੋਕਾਂ ਦਾ ਵੱਡਾ ਨੁਕਸਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਾਲ ਲਕੀਰ ਤੋਂ ਬਾਹਰ ਰਹਿ ਰਹੇ ਲੋਕਾਂ ਨੂੰ ਬਿਜਲੀ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣ ਅਤੇ ਪ੍ਰਾਪਰਟੀ ਟੈਕਸ ਵਿੱਚ ਰਿਆਇਤਾਂ ਦਿਵਾਉਣ ਸਣੇ ਕਈ ਮੰਗਾਂ ਲਈ ਆਉਂਦੇ ਦਿਨਾਂ ਵਿੱਚ ਪੇਂਡੂ ਸੰਘਰਸ਼ ਕਮੇਟੀ ਦਾ ਵਫ਼ਦ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਮਿਲੇਗਾ ਅਤੇ ਇਨ੍ਹਾਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ ਜਾਵੇਗੀ।
ਨਾ ਪਾਰਕ, ਨਾ ਪਾਰਕਿੰਗ ਤੇ ਨਾ ਕੋਈ ਹੋਰ ਸਹੂਲਤ
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਵੀ ਸ਼ਹਿਰ ਦੀ ਤਰਜ਼ ’ਤੇ ਪ੍ਰਾਪਰਟੀ ਟੈਕਸ ਲਗਾਇਆ ਗਿਆ ਹੈ ਜਦੋਂਕਿ ਪਿੰਡਾਂ ਵਿੱਚ ਨਾ ਪਾਰਕ, ਨਾ ਪਾਰਕਿੰਗ, ਨਾ ਸਰਕਾਰੀ ਸਕੂਲ, ਨਾ ਡਿਸਪੈਂਸਰੀ ਅਤੇ ਨਾ ਰੁਜ਼ਗਾਰ ਹੈ। ਸ਼ਹਿਰ ਵਿੱਚ ਦੁਕਾਨਾਂ ਅਤੇ ਮਕਾਨ ਮਹਿੰਗੇ ਕਿਰਾਏ ’ਤੇ ਚੜ੍ਹਦੇ ਹਨ ਜਦਕਿ ਪਿੰਡਾਂ ਵਿੱਚ ਕਿਰਾਏ ਘੱਟ ਹਨ।