ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 21 ਫਰਵਰੀ
‘ਹਲਕਾ ਡੇਰਾਬੱਸੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਸ਼ਹਿਰੀ ਇਕਾਈਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਭਵਿੱਖ ਵਿੱਚ ਨਵੀਂ ਰਣਨੀਤੀ ਤਿਆਰ ਕਰਨ ਲਈ ਡੇਰਬੱਸੀ, ਲਾਲੜੂ ਅਤੇ ਜ਼ੀਰਕਪੁਰ ਵਿੱਚ ਛੇਤੀ ਹੀ ਸ਼ਹਿਰ ਦੀ ਨਵੀਂ ਜਥੇਬੰਦੀ ਦਾ ਗਠਨ ਕੀਤਾ ਜਾਵੇਗਾ।’ ਇਹ ਜਾਣਕਾਰੀ ਵਿਧਾਇਕ ਐੱਨ.ਕੇ. ਸ਼ਰਮਾ ਨੇ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਧੱਕੇਸ਼ਾਹੀ ਦਾ ਜਵਾਬ ਦੇਣ ਲਈ ਵਰਕਰਾਂ ਨਾਲ ਰੱਖੀ ਮੀਟਿੰਗ ਦੌਰਾਨ ਦਿੱਤੀ।
ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਨੇ ਗਲਤ ਹਥਕੰਡੇ ਅਪਣਾ ਕੇ ਨਗਰ ਕੌਂਸਲ ’ਤੇ ਕਬਜ਼ਾ ਕਰ ਲਿਆ ਹੈ ਪਰ ਉਹ ਇਸ ਹਲਕੇ ਦਾ ਮੁੱਖ ਸੇਵਾਦਾਰ ਹੋਣ ਦੇ ਨਾਤੇ ਕਦੇ ਵੀ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਾਂਗਰਸ ਦੀਆਂ ਵਧੀਕੀਆਂ ਦਾ ਸਾਹਮਣਾ ਕਰਨ ਲਈ ਛੇਤੀ ਹੀ ਨਵੀਂ ਜਥੇਬੰਦੀ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ ਘਰ ਪੁਹੰਚਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਅਤੇ ਚੋਣ ਲੜਨ ਵਾਲੇ ਉਮੀਦਾਵਾਰਾਂ ਦਾ ਧੰਨਵਾਦ ਵੀ ਜਿਨ੍ਹਾਂ ਨੇ ਇੰਨਾ ਧੱਕਾ ਹੋਣ ਦੇ ਬਾਵਜੂਦ ਵੀ ਅਖੀਰ ਤੱਕ ਡੱਟ ਕੇ ਪਾਰਟੀ ਦਾ ਸਾਥ ਦਿੱਤਾ। ਉਨ੍ਹਾਂ ਵਰਕਰਾਂ ਵਿਚ ਜੋਸ਼ ਭਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਹਰ ਧੱਕੇਸ਼ਾਹੀ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ ਅਤੇ ਕਾਂਗਰਸ ਵੱਲੋਂ ਫੈਲਾਏ ਜਾ ਰਹੇ ਭ੍ਰਿਸ਼ਟਾਚਾਰ ਦੀ ਪੋਲ ਖੋਲ੍ਹੀ ਜਾਏਗੀ।