ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 31 ਜੁਲਾਈ
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਦੇ ਗਰਾਊਂਡ ਵਿੱਚ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐੱਸ ਤਿੜਕੇ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਗਮ ਦੀਆਂ ਅਗਾਊਂ ਤਿਆਰੀਆਂ ਸਬੰਧੀ ਜ਼ਿੰਮੇਵਾਰੀਆਂ ਵੀ ਸੌਂਪੀਆਂ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ’ਤੇ ਜ਼ੋਰ ਦਿੰਦਿਆਂ ਪੁਲੀਸ ਨੂੰ ਬੈਂਡ, ਮਾਰਚ ਪਾਸਟ, ਸੁਰੱਖਿਆ ਪ੍ਰਬੰਧਾਂ ਅਤੇ ਪਾਰਕਿੰਗ ਦੇ ਢੁੱਕਵੇਂ ਪ੍ਰਬੰਧ ਕਰਨ ਲਈ ਕਿਹਾ। ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਨੂੰ ਆਜ਼ਾਦੀ ਦਿਹਾੜੇ ਮੌਕੇ ਕੱਢੀਆਂ ਜਾਣ ਵਾਲੀਆਂ ਵਿਕਾਸ ਪੱਖੀ ਝਾਕੀਆਂ ਦੀਆਂ ਤਿਆਰੀ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ, ਜਦੋਂਕਿ ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਮਾਨ ਨੂੰ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਕਰਵਾਉਣ ਲਈ ਕਿਹਾ।