ਆਤਿਸ਼ ਗੁਪਤਾ
ਚੰਡੀਗੜ੍ਹ, 31 ਅਕਤੂਬਰ
ਦੀਵਾਲੀ ਦਾ ਤਿਉਹਾਰ ਨਜ਼ਦੀਕ ਆਉਣ ਦੇ ਨਾਲ-ਨਾਲ ਸਿਟੀ ਬਿਊਟੀਫੁੱਲ ਦੇ ਬਾਜ਼ਾਰ ਵੀ ਸੱਜ-ਧੱਜ ਕੇ ਤਿਆਰ ਹੋ ਗਏ ਹਨ। ਕਰੋਨਾ ਮਹਾਮਾਰੀ ਤੋਂ ਬਾਅਦ ਜਿੱਥੇ ਬਾਜ਼ਾਰਾਂ ਵਿੱਚ ਲੋਕਾਂ ਦੀ ਭਾਰੀ ਭੀੜ ਪਾਈ ਜਾ ਰਹੀ ਹੈ, ਉਥੇ ਵੱਧ ਰਹੀ ਮਹਿੰਗਾਈ ਦਾ ਅਸਰ ਦੀਵਾਲੀ ਦੇ ਤਿਉਹਾਰ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਲੋਕ ਹੱਥ ਘੁੱਟ ਕੇ ਹੀ ਖ਼ਰੀਦਦਾਰੀ ਕਰਦੇ ਦਿਖਾਈ ਦੇ ਰਹੇ ਹਨ। ਖ਼ਰੀਦਦਾਰੀ ਘੱਟ ਹੋਣ ਕਾਰਨ ਦੁਕਾਨਦਾਰਾਂ ਵਿੱਚ ਵੀ ਨਿਰਾਸ਼ਾ ਪਾਈ ਜਾ ਰਹੀ ਹੈ। ਤਿਉਹਾਰਾਂ ਦੀ ਆਮਦ ਮੌਕੇ ਚੰਡੀਗੜ੍ਹ ਦੇ ਵੱਖ ਵੱਖ ਸੈਕਟਰਾਂ ਅਤੇ ਪਿੰਡਾਂ ਸਣੇ ਵੱਖ-ਵੱਖ ਇਲਾਕਿਆਂ ਵਿੱਚ ਦੁਕਾਨਦਾਰਾਂ ਨੇ ਦੁਕਾਨਾਂ ਸਜਾਈਆਂ ਹੋਈਆਂ ਹਨ। ਕਰੋਨਾ ਮਹਾਮਾਰੀ ਤੋਂ ਉਭਰਨ ਮਗਰੋਂ ਲੋਕਾਂ ਵਿੱਚ ਤਿਉਹਾਰਾਂ ਮਨਾਉਣ ਦਾ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਪਰ ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਵਧਣ ਕਾਰਨ ਉਹ ਖ਼ਰੀਦਦਾਰੀ ਤੋਂ ਗੁਰੇਜ਼ ਕਰ ਰਹੇ ਹਨ।
ਸੈਕਟਰ-20 ਵਾਸੀ ਨੀਰੂ ਨੇ ਦੱਸਿਆ ਕਿ ਮਹਿੰਗਾਈ ਕਾਰਨ ਰਸੋਈ ਗੈਸ ਦਾ ਬਜਟ ਹਿੱਲਿਆ ਹੋਇਆ ਹੈ। ਅਜਿਹੇ ਸਮੇਂ ਤਿਉਹਾਰਾਂ ਮੌਕੇ ਖ਼ਰੀਦਦਾਰੀ ਕਰਨ ’ਚ ਕਾਫੀ ਮੁਸ਼ਕਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਲਾਈਟਾਂ ਡੇਢ ਗੁਣਾਂ ਮਹਿੰਗੀਆਂ ਹੋ ਗਈਆਂ ਹਨ। ਦੱਸਣਯੋਗ ਹੈ ਕਿ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦਾ ਅਸਰ ਵੀ ਹਰ ਖੇਤਰ ’ਤੇ ਦੇਖਣ ਨੂੰ ਮਿਲਦਾ ਹੈ। ਚੰਡੀਗੜ੍ਹ ਸ਼ਹਿਰ ’ਚ 20 ਦਿਨਾਂ ’ਚ ਪੈਟਰੋਲ ਦੀਆਂ ਕੀਮਤਾਂ ’ਚ 5 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋ ਗਿਆ ਹੈ।