ਪੱਤਰ ਪ੍ਰੇਰਕ
ਬਨੂੜ, 1 ਜੂਨ
ਬਾਬਾ ਰਾਮਦੇਵ ਵਿਰੁੱਧ ਪ੍ਰਦਰਸ਼ਨ ਦੇ ਦੇਸ਼ਿਵਆਪੀ ਸੱਦੇ ਉੱਤੇ ਅੱਜ ਬਨੂੜ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ, ਨਰਸਾਂ, ਆਸ਼ਾ ਵਰਕਰਾਂ ਅਤੇ ਹੋਰ ਮੈਡੀਕਲ ਸਟਾਫ਼ ਨੇ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਬਾਬਾ ਰਾਮਦੇਵ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਸਰਕਾਰ ਕੋਲੋਂ ਕੋਵਿਡ ਵੈਕਸੀਨ ਪ੍ਰਤੀ ਭੰਬਲਭੂਸਾ ਪੈਦਾ ਕਰਨ ਦੇ ਦੋਸ਼ ਅਧੀਨ ਕੇਸ ਦਰਜ ਕਰਨ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਪੀਸੀਐੱਮਐੱਸ ਡਾਕਟਰਾਂ ਦੀ ਐਸੋਸੀਏਸ਼ਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਡਾ. ਗਗਨਦੀਪ ਸ਼ੇਰ ਗਿੱਲ ਨੇ ਬਾਬਾ ਰਾਮਦੇਵ ਵੱਲੋਂ ਐਲੋਪੈਥੀ ਡਾਕਟਰਾਂ ਖ਼ਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਪੀਹੜੀ ਥੱਲੇ ਸੋਟਾ ਫੇਰਨਾ ਚਾਹੀਦਾ ਹੈ ਤੇ ਯੋਗਾ ਕੈਂਪਾਂ ਵਿੱਚ ਲੋਕਾਂ ਦੀ ਕੀਤੀ ਜਾਂਦੀ ਲੁੱਟ ਬੰਦ ਕਰਨੀ ਚਾਹੀਦੀ ਹੈ। ਇਸ ਮੌਕੇ ਹਸਪਤਾਲ ਦੀ ਐੱਸਐੱਮਓ ਡਾ. ਰਵਨੀਤ ਕੌਰ ਵੀ ਇਸ ਮੌਕੇ ਕੀਤੇ ਪ੍ਰਦਰਸ਼ਨ ਵਿੱਚ ਹਾਜ਼ਰ ਸਨ।