ਪੱਤਰ ਪ੍ਰੇਰਕ
ਚੰਡੀਗੜ੍ਹ, 3 ਦਸੰਬਰ
ਚੰਡੀਗੜ੍ਹ ਪੰਜਾਬੀ ਮੰਚ ਦੀ ਅੱਜ ਸੈਕਟਰ-34 ਦੇ ਗੁਰਦੁਆਰੇ ਵਿਚ ਚੇਅਰਮੈਨ ਰਾਮ ਅਰਸ਼ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਾਫ਼ੀ ਮੁੱਦਿਆਂ ਉਤੇ ਅਹਿਮ ਵਿਚਾਰਾਂ ਹੋਈਆਂ। ਇਸ ਮੌਕੇ ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ ਵਿੱਚ ਪਹਿਲੀ ਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਕੀਤੇ ਜਾਣ ਵਾਲੇ ਸੰਘਰਸ਼ਾਂ ਦੀ ਰੂਪ-ਰੇਖਾ ਵੀ ਉਲੀਕੀ ਗਈ। ਸੰਘਰਸ਼ਾਂ ਬਾਰੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਮੁੱਖ ਰੱਖਦਿਆਂ 20 ਫਰਵਰੀ ਨੂੰ ਰੋਸ ਮਾਰਚ ਕੱਢਣ ਤੇ ਉਸ ਮਗਰੋਂ ਭੁੱਖ ਹੜਤਾਲ ਤੇ ਸੰਸਦ ਮੈਂਬਰ ਕਿਰਨ ਖੇਰ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਵੀ ਪ੍ਰੋਗਰਾਮ ਉਲੀਕਿਆ ਗਿਆ। ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣਾਂ ਕਰਵਾਉਣ ਲਈ ਵਿਦਿਆਰਥੀ ਯੂਨੀਅਨਾਂ ਨਾਲ ਮਿਲ ਕੇ ਸੰਘਰਸ਼ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ।ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਸੋਮਲ ਨੂੰ ਸਰਬਸੰਮਤੀ ਨਾਲ ਚੰਡੀਗੜ੍ਹ ਪੰਜਾਬੀ ਮੰਚ ਦਾ ਸਕੱਤਰ ਬਣਾਇਆ ਗਿਆ। ਮੰਚ ਦੇ ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ ਨੇ ਕਿਹਾ ਕਿ ਮੰਚ ਵੱਲੋਂ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੀ ਹਮਾਇਤ ਕਰਦਿਆਂ ਕਿਹਾ ਗਿਆ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਛੇਤੀ ਤੋਂ ਛੇਤੀ ਮੰਨੇ।