ਸੰਜੀਵ ਤੇਜਪਾਲ
ਮੋਰਿੰਡਾ, 6 ਨਵੰਬਰ
ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਵਿੱਚ ਮੋਰਿੰਡਾ ਵਿੱਚ ਚੱਲ ਰਹੇ ਪੱਕੇ ਮੋਰਚੇ ਦੇ 22ਵੇਂ ਦਿਨ ਡੈਮੋਕਰੈਟਿਕ ਮੁਲਾਜ਼ਮ ਫੈੱਡਰੇਸ਼ਨ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕੀਤੇ ਜਾਣ, ਮਾਣ-ਭੱਤਾ ਵਰਕਰਾਂ ’ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ ਸਥਾਨਕ ਰੋਪੜ ਚੌਕ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਫਰੰਟ ਨੇ 13 ਨਵੰਬਰ ਨੂੰ ਬਠਿੰਡਾ ਰੈਲੀ ਵਿੱਚ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹਣ ਦਾ ਐਲਾਨ ਕੀਤਾ ਹੈ।
ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਡੈਮੋਕਰੈਟਿਕ ਜੰਗਲਾਤ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ, ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਲਖਵਿੰਦਰ ਕੌਰ ਫਰੀਦਕੋਟ, ਆਊਟ ਸੋਰਸਿੰਗ ਜਲ ਸਪਲਾਈ ਐਂਡ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਦਲਵੀਰ ਸਿੰਘ ਆਦਿ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਭਾਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੁੱਝ ਅੰਸ਼ਿਕ ਲਾਭ ਦਿੱਤੇ ਹਨ, ਪਰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਮਾਣ-ਭੱਤਾ ਵਰਕਰਾਂ ’ਤੇ ਘੱਟੋ-ਘੱਟ ਲਾਗੂ ਕਰਨ ਸੰਬੰਧੀ ਸਰਕਾਰ ਲਗਾਤਾਰ ਟਾਲ-ਮਟੋਲ ਕਰ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁਲਾਜ਼ਮ ਆਗੂਆਂ ਹਰਦੀਪ ਟੋਡਰਪੁਰ, ਮਲਾਗਰ ਸਿੰਘ ਖਮਾਣੋ, ਅਸ਼ਵਨੀ ਅਵਸਥੀ, ਬਲਵੀਰ ਸਿਵੀਆਂ, ਮਮਤਾ ਸ਼ਰਮਾ, ਸਤਨਾਮ ਸਿੰਘ ਕਜੌਲੀ ਅਤੇ ਹਰਜੀਤ ਕੌਰ ਸਮਰਾਲਾ ਨੇ ਆਖਿਆ ਕਿ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ 13 ਨਵੰਬਰ ਨੂੰ ਬਠਿੰਡਾ ਵਿੱਚ ਸੂਬਾ ਪੱਧਰੀ ਰੈਲੀ ਵਿੱਚ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹੀ ਜਾਵੇਗੀ।