ਪੱਤਰ ਪ੍ਰੇਰਕ
ਚੰਡੀਗੜ੍ਹ, 29 ਅਕਤੂਬਰ
ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਚੰਡੀਗੜ੍ਹ ਦੇ ਸੱਦੇ ’ਤੇ 27 ਅਕਤੂਬਰ ਤੋਂ ਸ਼ੁਰੂ ਹੋਈ ਸੂਬਾ ਪੱਧਰੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਅੱਜ ਵੀ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਸਮੇਤ ਸਾਰੇ ਡਾਇਰੈਕਟੋਰੇਟਾਂ ਵਿੱਚ ਕੰਮਕਾਜ ਬੰਦ ਰੱਖਿਆ ਗਿਆ। ਮੁਲਾਜ਼ਮਾਂ ਨੇ ਰੋਸ ਰੈਲੀਆਂ ਕਰ ਕੇ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਇੱਕ ਬਰਾਬਰ ਕੀਤੀ ਉਥੇ ਹੀ ਉਨ੍ਹਾਂ ਨੇ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੀ ਤੁਲਨਾ ਕੁਲਦੀਪ ਮਾਣਕ ਦੇ ਪ੍ਰਸਿੱਧ ਗੀਤ ਵਿਚਲੇ ਬੋਲਾਂ ਦੀ ਉਦਾਹਰਨ ‘ਮੂੰਹੋਂ ਮੋਮਨ ਦਿਲ ਦੇ ਕਾਫਰ ਏਹ’ ਨਾਲ ਕੀਤੀ। ਮੁਲਾਜ਼ਮਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੰਜਾਬ ਸਰਕਾਰ ਦੇ ਇਸ ਦੋਗਲੇ ਚਿਹਰੇ ਨੂੰ ਬੇਨਿਕਾਬ ਕਰਨ ਦੀ ਮੰਗ ਕੀਤੀ ਅਤੇ ਮੰਗ ਰੱਖੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੇ ਚੋਣ ਵਾਅਦੇ ਮੁਤਾਬਕ ਤੁਰੰਤ ਕਦਮ ਚੁੱਕੇ ਜਾਣ।
ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਪਾਰਕਿੰਗ ਵਿੱਚ ਕੀਤੀ ਗਈ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਮੰਚ ਦੇ ਸੂਬਾ ਕਨਵੀਨਰ ਸੁਖਚੈਨ ਸਿੰਘ ਖਹਿਰਾ, ਵਿੱਤੀ ਕਮਿਸ਼ਨਰ ਸਕੱਤਰੇਤ ਤੋਂ ਬਲਰਾਜ ਸਿੰਘ ਦਾਊਂ, ਮਿਥੁਨ ਚਾਵਲਾ ਆਦਿ ਨੇ ਕਿਹਾ ਕਿ ਪਿਛਲੇ ਲਗਪਗ ਡੇਢ ਦਹਾਕਿਆਂ ਤੋਂ ਸਰਕਾਰਾਂ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਕੋਈ ਸੁਣਵਾਈ ਨਹੀਂ ਕਰ ਰਹੀਆਂ ਹਨ। ਸਾਂਝਾ ਮੁਲਾਜ਼ਮ ਮੰਚ ਦੇ ਮੂਹਾਲੀ ਤੋਂ ਕਨਵੀਨਰ ਜਗਜੀਤ ਸਿੰਘ, ਜਸਵੀਰ ਸਿੰਘ ਟੌਹੜਾ ਆਦਿ ਨੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਖੁੱਲ੍ਹ ਕੇ ਭੜਾਸ ਕੱਢੀ।