ਪੱਤਰ ਪ੍ਰੇਰਕ
ਚੰਡੀਗੜ੍ਹ, 4 ਮਈ
ਪੰਜਾਬ ਲਘੂ ਉਦਯੋਗ ਤੇ ਨਿਰਯਾਤ ਕਾਰਪੋਰੇਸ਼ਨ ਸਟਾਫ਼ ਐਸੋਸੀਏਸ਼ਨ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਤੇ ਕਾਰਪੋਰੇਸ਼ਨ ਵਿੱਚ ਉੱਚ ਅਹੁਦਿਆਂ ’ਤੇ ਬੈਕਡੋਰ ਰਾਹੀਂ ਕੰਸਲਟੈਂਟਾਂ ਦੀ ਭਰਤੀ ਦੇ ਦੋਸ਼ ਲਗਾਉਂਦਿਆਂ ਅੱਜ ਸੈਕਟਰ-17 ਸਥਿਤ ਉਦਯੋਗ ਭਵਨ ’ਚ ਰੋਸ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਵਿੱਚ ਸ਼ਾਮਲ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਕਾਰਪੋਰੇਸ਼ਨ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਤਾਰਾ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਕਾਰਪੋਰੇਸ਼ਨ ਦੇ ਉੱਚ ਅਧਿਕਾਰੀਆਂ ਦੀ ਸ਼ਹਿ ਉਤੇ ਬਿਨਾਂ ਕੰਮ ਤੋਂ ਅਤੇ ਨਿਯਮਾਂ ਤੋਂ ਉਲਟ ਜਾ ਕੇ ਸੇਵਾਮੁਕਤ ਅਤੇ ਵੱਡੀ ਉਮਰ ਦੇ ਬਜ਼ੁਰਗ ਅਧਿਕਾਰੀਆਂ ਨੂੰ ਕੰਸਲਟੈਂਟ ਭਰਤੀ ਕਰਕੇ ਸਰਕਾਰ ਨੂੰ ਲੱਖਾਂ ਰੁਪਇਆਂ ਦਾ ਚੂਨਾ ਲਾਇਆ ਜਾ ਰਿਹਾ ਹੈ। ਜਦੋਂਕਿ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੇ ਲਈ ਸੰਘ ਪਾੜਵਾਂ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਮੰਗ ਕਰਦੀ ਹੈ ਕਿ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਨੂੰ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ, ਸੇਵਾਮੁਕਤੀ ਤੋਂ ਬਾਅਦ ਮੈਡੀਕਲ ਦੀ ਸਹੂਲਤ ਅਤੇ ਇਨ੍ਹਾਂ ਅਦਾਰਿਆਂ ਵਿੱਚ ਸਿੱਧੀ ਭਰਤੀ ਦੀ ਦਾ ਪ੍ਰਬੰਧ ਕੀਤਾ ਜਾਵੇ। ਗੇਟ ਰੈਲੀ ਵਿੱਚ ਜੁਗਿੰਦਰ ਰਾਣਾ, ਹਰਕੇਸ਼ ਰਾਣਾ, ਬਲਵੰਤ ਸਿੰਘ ਮਾਨਸਾ, ਸਵਰਨ ਸਿੰਘ, ਅਜੇ ਕੁਮਾਰ, ਰਣਦੀਪ ਸਿੰਘ ਸੁਨਾਮ, ਅੰਮ੍ਰਿਤਪਾਲ ਸਿੰਘ, ਰਣਯੋਧ ਸਿੰਘ ਮੰਡੀ ਗੋਬਿੰਦਗੜ੍ਹ, ਪ੍ਰਕਾਸ਼ ਮੋਹਾਲੀ ਅਤੇ ਰਜਿੰਦਰ ਰਾਜੂ ਮੰਡੀ ਗੋਬਿੰਦਗੜ੍ਹ ਆਦਿ ਨੇ ਵੀ ਉੱਚ ਅਧਿਕਾਰੀਆਂ ਦੀਆਂ ਮਨਮਰਜ਼ੀਆਂ ਦੀ ਨਿੰਦਾ ਕੀਤੀ ਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਕਰਨ ਦੀ ਮੰਗ ਕੀਤੀ।